ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੇ ਦਿਨੀਂ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ‘ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਕੋਈ ਢੁਕਵੀਂ ਕਰਵਾਈ ਨਾ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੂੰ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਸਿੱਖ ਕਕਾਰਾਂ ਦੀ ਤੌਹੀਨ ਨਾ ਬਰਦਾਸ਼ਤ ਕਰਨ ਯੋਗ ਹੈ। ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਸਬੰਧੀ ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ, ਪ੍ਰੰਤੂ ਸਬੰਧਤ ਥਾਣੇਦਾਰ ਦਾ ਤਬਾਦਲਾ ਕਰਕੇ ਹੀ ਸਾਰ ਦਿੱਤਾ ਗਿਆ।