ਭਾਈ ਲੌਂਗੋਵਾਲ ਨੇ ਕਿਹਾ ਕਿ ਇਕਾਂਤਵਾਸ ‘ਚ ਰੱਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ‘ਚ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ‘ਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਇਸ ਸਬੰਧ ‘ਚ ਸਾਰੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਸਮੇਤ ਜਿਹੜੇ ਵੀ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ‘ਚ ਇਕਾਂਤਵਾਸ ਕਰੇਗੀ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।