Breaking News
Home / ਪੰਜਾਬ / ਸੁਮੇਧ ਸੈਣੀ ਮਾਮਲੇ ‘ਚ ਚਾਰ ਮੈਂਬਰੀ ‘ਸਿਟ’ ਕਾਇਮ

ਸੁਮੇਧ ਸੈਣੀ ਮਾਮਲੇ ‘ਚ ਚਾਰ ਮੈਂਬਰੀ ‘ਸਿਟ’ ਕਾਇਮ

ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਮਾਮਲੇ ਵਿੱਚ ਮੁਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ‘ਸਿਟ’ ਦਾ ਗਠਨ ਕੀਤਾ ਹੈ। ਸਿਟ ਵਿੱਚ ਐੱਸਪੀ ਸਮੇਤ ਡੀਐੱਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਡੀਐੱਸਪੀ (ਕਰਾਈਮ ਅਗੇਂਸਟ ਪ੍ਰਾਪਰਟੀ) ਗੁਰਪ੍ਰੀਤ ਸਿੰਘ ਦੇਵ ਥਾਣਾ ਮਟੌਰ ਦੇ ਐੱਸਐੱਚਓ ਰਾਜੀਵ ਕੁਮਾਰ ਸ਼ਾਮਲ ਹਨ। ਸਾਬਕਾ ਡੀਜੀਪੀ ਸੈਣੀ ‘ਤੇ 29 ਸਾਲ ਪਹਿਲਾਂ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵਿੰਦਰ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਮਗਰੋਂ ਨੌਜਵਾਨ ਨੂੰ ਗਾਇਬ ਕਰਨ ਦਾ ਦੋਸ਼ ਹੈ। ਪੀੜਤ ਨੌਜਵਾਨ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ‘ਤੇ ਮਟੌਰ ਥਾਣੇ ਵਿੱਚ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੀਤੀ 11 ਮਈ ਨੂੰ ਮੁਹਾਲੀ ਦੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਸਾਬਕਾ ਡੀਜੀਪੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਸੈਣੀ ਨੂੰ ਸੱਤ ਦਿਨਾਂ ਦੇ ਅੰਦਰ-ਅੰਦਰ ਸਬੰਧਤ ਜਾਂਚ ਅਧਿਕਾਰੀ ਕੋਲ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸੀ ਪਰ ਦੋ ਦਿਨ ਬੀਤਣ ‘ਤੇ ਹਾਲੇ ਤੱਕ ਸੈਣੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ। ਸੈਣੀ ਦੇ ਦਿੱਲੀ ਵਿੱਚ ਹੋਣ ਬਾਰੇ ਪਤਾ ਲੱਗਾ ਹੈ। ਪੇਸ਼ਗੀ ਜ਼ਮਾਨਤ ਮਨਜ਼ੂਰ ਹੋਣ ਮਗਰੋਂ ਮੁਹਾਲੀ ਅਦਾਲਤ ਦੇ ਤਾਜ਼ਾ ਆਦੇਸ਼ਾਂ ਦੀ ਕਾਪੀ ਸਾਬਕਾ ਪੁਲੀਸ ਅਧਿਕਾਰੀ ਨੂੰ ਵਟਸਐਪ ਰਾਹੀਂ ਭੇਜੀ ਹੈ ਅਤੇ ਸੈਣੀ ਨੂੰ ਆਪਣਾ ਪਾਸਪੋਰਟ ਪੁਲੀਸ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕਰੋਨਾਵਾਇਰਸ ਕਾਰਨ ਜਦੋਂ ਤੱਕ ਲੌਕਡਾਊਨ ਖ਼ਤਮ ਨਹੀਂ ਹੋ ਜਾਂਦਾ ਉਹ ਆਪਣੇ ਘਰ ਤੋਂ ਬਾਹਰ ਨਹੀਂ ਜਾਣਗੇ। ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਹੋਵੇ ਜਾਂ ਫਿਰ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੋਵੇ। ਅਦਾਲਤ ਨੇ ਸੈਣੀ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਆਗਿਆ ਦੇਸ਼ ‘ਚੋਂ ਬਾਹਰ ਨਹੀਂ ਜਾਣਗੇ ਅਤੇ ਜ਼ਮਾਨਤ ਦੇ ਸਮੇਂ ਦੌਰਾਨ ਉਹ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ।
ਜਲਦੀ ਨੋਟਿਸ ਭੇਜੇਗੀ ਮੁਹਾਲੀ ਪੁਲੀਸ : ਐੱਸਪੀ (ਡੀ) : ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਸੈਣੀ ਮਾਮਲੇ ਵਿੱਚ ਸਿਟ ਦੇ ਗਠਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ। ਫਿਲਹਾਲ ਪੁਲੀਸ ਵੱਲੋਂ ਪੁਰਾਣੇ ਕੇਸ ਦੇ ਤੱਥ ਇਕੱਠੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਤਹਿਤ ਜੇਕਰ ਸਾਬਕਾ ਪੁਲੀਸ ਮੁਖੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਜਾਵੇਗਾ। ਇਸ ਤੋਂ ਬਾਅਦ ਅਗਲੀ ਕਾਰਵਾਈ ਆਰੰਭੀ ਜਾਵੇਗੀ।
ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ‘ਚ ਨਾਮਜ਼ਦ ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ
ਮੋਹਾਲੀ : ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ ਅੱਜ ਐਡਵੋਕੇਟ ਏ. ਪੀ. ਐੱਸ. ਦਿਉਲ ਅਤੇ ਐੱਚ. ਐੱਸ. ਧਨੋਆ ਅਦਾਲਤ ਵਿਚ ਪੇਸ਼ ਹੋਏ। ਇੱਥੇ ਇਹ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਆਪਣੇ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਸ਼ਨਿਚਰਵਾਰ ਨੂੰ ਸਰਕਾਰੀ ਵਕੀਲ, ਪੀੜਤ ਪਰਿਵਾਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬਾਅਦ ਦੁਪਹਿਰ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ।

Check Also

ਨਵਜੋਤ ਕੌਰ ਸਿੱਧੂ ਨੇ ਦਿੱਤੇ ਸੰਕੇਤ

ਕਿਹਾ – ਭਾਜਪਾ ਅਕਾਲੀ ਦਲ ਦਾ ਸਾਥ ਛੱਡੇ ਤਾਂ ਵਾਪਸੀ ਲਈ ਸੋਚਾਂਗੀ ਮਾਨਸਾ/ਬਿਊਰੋ ਨਿਊਜ਼ ਪੰਜਾਬ …