ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਪੰਚਾਂ-ਸਰਪੰਚਾਂ ‘ਤੇ ਨਿੱਤ ਹੁੰਦੇ ਹਮਲਿਆਂ ‘ਤੇ ਆਮ ਆਦਮੀ ਪਾਰਟੀ ਪੰਜਾਬ ਨੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਹੈ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ। ਉਹ ਦਿਨ-ਦਿਹਾੜੇ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ ‘ਚ ਬਿਲਕੁਲ ਵੀ ਘਬਰਾਹਟ ਮਹਿਸੂਸ ਨਹੀਂ ਕਰਦੇ। ਇਸ ਕਾਰਨ ਆਮ ਲੋਕ ਹੀ ਨਹੀਂ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ ਹਨ। ਪਾਰਟੀ ਦੇ ਬੁਲਾਰੇ ਤੇ ਵਿਧਾਇਕਾ ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਪੰਚ-ਸਰਪੰਚ ਡਰ-ਡਰ ਕੇ ਜ਼ਿੰਦਗੀ ਕੱਟ ਰਹੇ ਹਨ। ਪੰਚਾਂ-ਸਰਪੰਚਾਂ ਦੇ ਵਫ਼ਦਾਂ ਨੂੰ ਮੁੱਖ ਮੰਤਰੀ ਤੋਂ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਤੱਕ ਆਪਣੀ ਸੁਰੱਖਿਆ ਬਾਰੇ ਪਹੁੰਚ ਕਰਨੀ ਪੈ ਰਹੀ ਹੈ। ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਪੰਚਾਂ-ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਦੇ ਇਕ ਵਫ਼ਦ ਨੇ ਆਪਣੀ ਸੁਰੱਖਿਆ ਲਈ ਮੰਗ ਪੱਤਰ ਮੁੱਖ ਮੰਤਰੀ ਨੂੰ ਦੇਣ ਲਈ ਮਜਬੂਰ ਹੋਣਾ ਪਿਆ ਜੋ ਸਰਕਾਰ ਲਈ ਬੇਹੱਦ ਸ਼ਰਮਨਾਕ ਹੈ।