ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਅੰਦਰ ਫੈਲੇ ਕਰੋਨਾ ਵਾਇਰਸ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਪਹਿਲਕਦਮੀ ਕਰਦਿਆਂ ਪਿਛਲੇ ਦੋ ਮਹੀਨੇ ਤੋਂ ਪੰਜਾਬ ਅੰਦਰ ਕਰਫਿਊ ਅਤੇ ਤਾਲਾਬੰਦੀ ਦੇ ਆਦੇਸ਼ ਜਾਰੀ ਕੀਤੇ ਹੋਏ ਸਨ।ઠਹੁਣ ਪੰਜਾਬ ਸਰਕਾਰ ਵੱਲੋਂ ਦਿਨ ਦਾ ਕਰਫਿਊ ਹਟਾਉਣ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ‘ਤੇ ਆਉਣੀ ਸ਼ੁਰੂ ਹੋ ਗਈ ਹੈ। ਹੁਣ ਪੰਜਾਬ ਦੀ ਜਨਤਾ ਨੇ ਹੌਲੀ-ਹੌਲੀ ਆਪਣੇ ਕੰਮ ਧੰਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਬਜ਼ਾਰਾਂ ‘ਚ ਵੀ ਰੌਣਕ ਪਰਤਣ ਲੱਗੀ ਹੈ ਅਤੇ ਲੋਕ ਆਪਣੀਆਂ ਜ਼ਰੂਰਤਾਂ ਅਨੁਸਾਰ ਸਮਾਨ ਖਰੀਦਦੇ ਵੀ ਨਜ਼ਰ ਆਉਂਦੇ ਹਨ ਕਿਉਂਕਿ ਬਜ਼ਾਰ ਹੁਣ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਖੁੱਲ੍ਹੇ ਰਹਿੰਦੇ ਹਨ। ਪੰਜਾਬ ਸਰਕਾਰ ਨੇ ਹੌਲੀ-ਹੌਲੀ ਆਪਣੇ ਵਪਾਰਕ ਅਦਾਰਿਆਂ ਨੂੰ ਵੀ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ ਅਤੇ ਕੁੱਝ ਰੂਟਾਂ ‘ਤੇ ਬੱਸ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਦੋ ਮਹੀਨੇ ਘਰਾਂ ‘ਚ ਕੈਦ ਰਹਿਣ ਮਗਰੋਂ ਹੁਣ ਪੰਜਾਬ ਦੀ ਜਨਤਾ ਹੌਲੀ-ਹੌਲੀ ਆਪਣੀ ਜ਼ਿੰਦਗੀ ਦੀ ਗੱਡੀ ਨੂੰ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਕਰਨ ਲੱਗੀ ਹੈ।