ਗੱਲ ਅਨੰਦਪੁਰ ਸਾਹਿਬ ਦੇ ਮਤੇ ਤੱਕ ਅੱਪੜੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਮੰਤਰੀਆਂ ਵੱਲੋਂ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਕਰਜ਼ੇ ਲੈਣ ਦੇ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਕਾਰਨ ਬਾਦਲ ਪਰਿਵਾਰ ਨੂੰ ਘੇਰਿਆ ਹੈ। ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਦੀ ਸੰਘੀ ਢਾਂਚੇ ਦਾ ਗਲਾ ਘੁੱਟਣ ਦੀ ਕੇਂਦਰ ਦੀ ਕਾਰਵਾਈ ‘ਚ ਬਰਾਬਰ ਦੀ ਹਿੱਸੇਦਾਰੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੇ ਪਰਿਵਾਰਕ ਹਿੱਤਾਂ ਤੇ ਕੁਰਸੀ ਦੇ ਮੋਹ ਸਦਕਾ ਹੀ ਅਕਾਲੀ ਦਲ ਦੇ ਸਿਧਾਂਤਾਂ ਦੀ ਬਲੀ ਦਿੱਤੀ ਹੈ। ਰਾਜ ਦੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪਾਰਟੀ ਦੇ ਅਨੰਦਪੁਰ ਸਾਹਿਬ ਦਾ ਮਤਾ ਯਾਦ ਨਹੀਂ? ਆਪਣੇ ਆਪ ਨੂੰ ਰਾਜਾਂ ਦੇ ਅਧਿਕਾਰਾਂ ਦੀ ਰਾਖੀ ਦਾ ਚੈਂਪੀਅਨ ਅਖਵਾਉਣ ਵਾਲਾ ਅਕਾਲੀ ਦਲ ਕੁਰਸੀ ਮੋਹ ਦੀ ਖ਼ਾਤਰ ਕੇਂਦਰ ਦੀ ਕਾਰਵਾਈ ‘ਤੇ ਨਾ ਸਿਰਫ ਚੁੱਪ ਹੈ, ਬਲਕਿ ਇਸ ਦੀਆਂ ਚਾਲਾਂ ਵਿੱਚ ਵੀ ਬਰਾਬਰ ਦਾ ਹਿੱਸੇਦਾਰ ਹੈ।