ਤਲਵੰਡੀ ਸਾਬੋ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ਤੇ ਗਹਿਰਾ ਜ਼ਖ਼ਮ ਹੈ ਜਿਸਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਉਂਦੀ ਹੈ ਅਤੇ ਇਸ ਵਾਰ 6 ਜੂਨ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ ਉੱਥੇ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣਾ ਹੈ ਅਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸੰਗਤ ਇਸ ਦਿਨ ਦਰਬਾਰ ਸਾਹਿਬ ਜਾਂ ਅਕਾਲ ਤਖ਼ਤ ਸਾਹਿਬ ਨਹੀਂ ਪੁੱਜ ਸਕੇਗੀ, ਉਹ ਘਰਾਂ ‘ਚ ਹੀ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨਾਲ ਜੁੜੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਨ ਅਤੇ ਇਹ ਪੜ੍ਹਚੋਲ ਕਰਨ ਦੀ ਵੀ ਅਪੀਲ ਕੀਤੀ ਕਿ ਅਸੀਂ ਕੀ ਗੁਆਇਆ, ਕੀ ਖੱਟਿਆ ਹੈ ਅਤੇ ਭਵਿੱਖ ਵਿਚ ਸਾਡੀਆਂ ਕੀ ਨੀਤੀਆਂ ਹੋਣੀਆਂ ਚਾਹੀਦੀਆਂ ਹਨ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …