ਕੈਪਟਨ ਅਮਰਿੰਦਰ ਨੇ ਕਿਹਾ ਸਿੱਧੂ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਨਾਲ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ‘ਚ ਜਾਣ ਦੀ ਛਿੜੀ ਚਰਚਾ ‘ਤੇ ਫੁੱਲ ਸਟਾਪ ਲਾਉਂਦਿਆਂ ਕਿਹਾ ਕਿ, ਸਿੱਧੂ ਕਿਤੇ ਨਹੀਂ ਜਾ ਰਹੇ, ਉਹ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ। ਪਿਛਲੇ ਦਿਨਾਂ ਤੋਂ ਮੀਡੀਆ ‘ਚ ਫੈਲੀਆਂ ਸਿੱਧੂ ਦੀਆਂ ਆਮ ਆਦਮੀ ਪਾਰਟੀ ‘ਚ ਜਾਣ ਦੀਆਂ ਸਾਰੀਆਂ ਖਬਰਾਂ ਨੂੰ ਕੈਪਟਨ ਨੇ ਨਕਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਆਪਣੀ ਗੱਲਬਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਸਿੱਧੂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਲਈ ਨਹੀਂ ਕਿਹਾ। ਕੈਪਟਨ ਨੇ ਕਿਹਾ ਕਿ, ਜੇ ਸਿੱਧੂ ਨੂੰ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਕੋਲ ਆ ਕੇ ਆਪਣਾ ਪੱਖ ਰੱਖ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਯਤਨ ਕੀਤੇ ਜਾਣਗੇ।