Breaking News
Home / ਪੰਜਾਬ / ਸੁਮੇਧ ਸੈਣੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਸੁਮੇਧ ਸੈਣੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ (ਬਲਵੰਤ ਮੁਲਤਾਨੀ ਦਾ ਭਰਾ) ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਆਪਣਾ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕੇਸ ਤਬਦੀਲੀ ਬਾਰੇ ਸੈਣੀ ਦੀ ਟਿੱਪਣੀ ਲੈਣਾ ਚਾਹੁੰਦੀ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਮੋਨਿਕਾ ਗੋਇਲ ਦੀ ਅਦਾਲਤ ਨੇ ਲੰਘੀ 11 ਮਈ ਨੂੰ ਸੈਣੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਅਤੇ ਹਫ਼ਤੇ ਬਾਅਦ 19 ਮਈ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ ਸੀ। ਇਹ ਚਾਰੇ ਮੁਲਜ਼ਮ ਯੂਟੀ ਪੁਲਿਸ ਵਿਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ। ਉਧਰ, ਹੁਣ ਸੈਣੀ ਨੇ ਉਨ੍ਹਾਂ ਖ਼ਿਲਾਫ਼ ਧਾਰਾ 302 ਜੁਰਮ ਦੇ ਵਾਧੇ ਦਾ ਸ਼ੱਕ ਪ੍ਰਗਟ ਕਰਦਿਆਂ ਅਦਾਲਤ ਦਾ ਬੂਹਾ ਖੜਕਾਉਂਦਿਆਂ ਅਗਾਊਂ ਜ਼ਮਾਨਤ ਦੀ ਅਪੀਲ ਕੀਤੀ ਹੈ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੁੜ ਰਾਹਤ ਦਿੰਦਿਆਂ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਇਸ ਮਾਮਲੇ ਵਿੱਚ ਧਾਰਾ 302 ਦਾ ਵਾਧਾ ਕੀਤਾ ਜਾਂਦਾ ਹੈ ਤਾਂ ਸੈਣੀ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਸੈਣੀ ਨੂੰ ਵਾਰ-ਵਾਰ ਵੱਡੀ ਰਾਹਤ ਦੇਣ ਤੋਂ ਖ਼ਫ਼ਾ ਪੀੜਤ ਪਰਿਵਾਰ ਨੇ ਇਸ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਫ਼ਰਿਆਦ ਕੀਤੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …