19.6 C
Toronto
Saturday, October 18, 2025
spot_img
Homeਪੰਜਾਬਰੁੱਸਿਆਂ ਨੂੰ ਮਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਿਧਾਇਕਾਂ ਨੂੰ...

ਰੁੱਸਿਆਂ ਨੂੰ ਮਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਿਧਾਇਕਾਂ ਨੂੰ ਕਰਵਾਇਆ ਲੰਚ

ਨਵਜੋਤ ਸਿੱਧੂ ਨੇ ਨਹੀਂ ਕੀਤੀ ਸ਼ਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼
ਰੁੱਸੇ ਆਗੂਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਵਿਧਾਇਕਾਂ ਨੂੰ ਦੁਪਹਿਰ ਦਾ ਭੋਜਨ ਛਕਾ ਕੇ ਪਤਿਆਉਣ ਦਾ ਯਤਨ ਕੀਤਾ ਪਰ ਅਹਿਮ ਗੱਲ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਲੰਚ ਵਿਚ ਸ਼ਾਮਲ ਨਹੀਂ ਹੋਏ।
ਮੁੱਖ ਮੰਤਰੀ ਵੱਲੋਂ ਨਵਜੋਤ ਸਿੱਧੂ ਨੂੰ ਸੱਦਾ ਦਿੱਤਾ ਗਿਆ ਸੀ ਜਾਂ ਨਹੀਂ ਇਹ ਵੀ ਭੇਤ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਖ਼ਜ਼ਾਨਾ ਮੰਤਰੀ ਮਨਪ੍ਰਰੀਤ ਸਿੰਘ ਬਾਦਲ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰਨਾਂ ਨੂੰ ਲੰਚ ਕਰਵਾ ਕੇ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕੀਤੀ ਸੀ। ਮੁੱਖ ਮੰਤਰੀ ਵੱਲੋਂ ਦਿੱਤੇ ਗਏ ਦੁਪਹਿਰ ਦੇ ਭੋਜਨ ‘ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ, ਸੁਨੀਲ ਦੱਤੀ ਤੇ ਹੋਰ ਵਿਧਾਇਕ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਵਿਧਾਇਕ ਪਿਛਲੇ ਕਾਫ਼ੀ ਸਮੇਂ ਤੋਂ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਸਨ। ਮੰਤਰੀਆਂ ਅਤੇ ਮੁੱਖ ਸਕੱਤਰ ਵਿਚਕਾਰ ਪੈਦਾ ਹੋਈ ਕੁੜਤਣ ਕਾਰਨ ਕਈ ਵਿਧਾਇਕਾਂ ਨੇ ਟਵੀਟ ਕਰਕੇ ਮੁੱਖ ਸਕੱਤਰ ‘ਤੇ ਉਂਗਲਾਂ ਚੁੱਕੀਆਂ ਸਨ, ਤਾਂ ਰਾਜ ਕੁਮਾਰ ਵੇਰਕਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਸੀ ਕਿ ਵਿਧਾਇਕ ਦਲ ਦੀ ਮੀਟਿੰਗ ਸੱਦੀ ਜਾਵੇ। ਪਿਛਲੇ ਦਿਨ ਵੀ ਰਾਜ ਕੁਮਾਰ ਵੇਰਕਾ ਨੇ ਬਰਗਾੜੀ ਕਾਂਡ ਤੇ ਬਹਿਬਲ ਕਲਾਂ ਕਾਂਡ ਵਿਚ ਇਨਸਾਫ਼ ਨਾ ਮਿਲਣ ਦੀ ਗੱਲ ਕਹੀ ਸੀ।
ਸੂਤਰ ਦੱਸਦੇ ਹਨ ਕਿ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੌਜੂਦਾ ਰਾਜਨੀਤਿਕ ਹਾਲਾਤ ਦੇ ਨਾਲ-ਨਾਲ ਕੋਰੋਨਾ ਬਾਰੇ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਨੇ ਵਿਧਾਇਕਾਂ ਵੱਲੋਂ ਨਾ ਮਿਲਣ ਦੀ ਮਿੱਥ ਨੂੰ ਤੋੜਨ ਦਾ ਯਤਨ ਕੀਤਾ ਹੈ ਕਿਉਂਕਿ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਵਿਧਾਇਕਾਂ ਨਾਲ ਰਾਬਤਾ ਵਧਾਉਣ ਦਾ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਖ਼ੁਦ ਅਗਲੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਜਦੋਂ ਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਆਖ਼ਰੀ ਚੋਣ ਹੋਣ ਦੀ ਗੱਲ ਆਖੀ ਸੀ।
ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਗਲੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜਨ ਦਾ ਬਿਆਨ ਦਿੱਤਾ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਨੂੰ ਲੰਚ ਦੇ ਕੇ ਜਿੱਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਗੁੱਸਾ ਠੰਢਾ ਕਰਨ ਦਾ ਯਤਨ ਕੀਤਾ ਹੈ, ਉੱਥੇ ਭਵਿੱਖ ਦੀਆਂ ਚੋਣਾਂ ਨੂੰ ਲੈ ਕੇ ਲਾਮਬੰਦੀ ਵੀ ਸ਼ੁਰੂ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਬਾਰੇ ਵੀ ਹੋਈ ਚਰਚਾ
ਭਰੋਸੇਯੋਗ ਸੂਤਰ ਦੱਸਦੇ ਹਨ ਕਿ ਮੀਟਿੰਗ ਦੌਰਾਨ ਨਵਜੋਤ ਸਿੱਧੂ ਬਾਰੇ ਵੀ ਚਰਚਾ ਹੋਈ ਕਿਉਂਕਿ ਕੁਝ ਦਿਨ ਪਹਿਲਾਂ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨਸ਼ਰ ਹੋਈਆਂ ਸਨ। ਸਿੱਧੂ ਦੇ ਆਪ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਉੱਡਣ ਤੋਂ ਬਾਅਦ ਰਾਜ ਕੁਮਾਰ ਵੇਰਕਾ ਨੇ ਬਿਆਨ ਦਿੱਤਾ ਸੀ ਕਿ ਸਿੱਧੂ ਕਿਤੇ ਨਹੀਂ ਜਾ ਰਹੇ। ਉਹ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਪੀੜਤਾਂ ਨੂੰ ਨਿਆਂ ਨਾ ਦੇਣ ਅਤੇ ਡਰੱਗ ਮਾਮਲੇ ਵਿਚ ਸਹੀ ਕਦਮ ਨਾ ਉਠਾਏ ਜਾਣ ਕਾਰਨ ਨਾਰਾਜ਼ ਹਨ।

RELATED ARTICLES
POPULAR POSTS