
24 ਜੂਨ ਨੂੰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕੇਂਦਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ‘ਤੇ ਕਰਨਗੀਆਂ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ‘ਤੇ ਵਿਚਾਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਖੇਤੀ ਆਰਡੀਨੈਂਸਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ। ਕੈਪਟਨ ਨੇ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਦੱਸਦਿਆਂ ਕਿਹਾ ਕਿ ਇਹ ਸੂਬੇ ਲਈ ਅਸਹਿਣਯੋਗ ਹੈ।
ਕੈਪਟਨ ਨੇ ਕਿਹਾ ਕਿ ਮੀਟਿੰਗ ਦੌਰਾਨ ਬਣੀ ਸਹਿਮਤੀ ਦੇ ਆਧਾਰ ‘ਤੇ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋਣਗੀਆਂ। ਕੈਪਟਨ ਅਮਰਿੰਦਰ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਆਰਡੀਨੈਂਸ ਤਹਿਤ ਮੰਡੀ ਬੋਰਡ ਨੂੰ ਵੀ ਵੱਡਾ ਨੁਕਸਾਨ ਪਹੁੰਚੇਗਾ।