
ਮਨਪ੍ਰੀਤ ਬਾਦਲ ਨੇ ਕੀਤੀ ਸਫਾਈ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਨੇ ਸਰਕਾਰ ਦੇ ਇਸ ਫੈਸਲੇ ਖਿਲਾਫ ਸੰਘਰਸ਼ ਵਿੱਢ ਦਿੱਤਾ ਹੈ। ਇਸ ਬਾਰੇ ਪੰਜਾਬ ਸਰਕਾਰ ਦਾ ਪੱਖ ਸਪੱਸ਼ਟ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੀਡੀਆ ਨੂੰ ਮੁਖਾਤਬ ਹੋਏ। ਉਨ੍ਹਾਂ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਆਪਣੀ ਸਫਾਈ ਪੇਸ਼ ਕੀਤੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਭਰਮ ਪੈਦਾ ਕੀਤਾ ਜਾ ਰਿਹਾ ਕਿ ਥਰਮਲ ਪਲਾਂਟ ਵੇਚ ਦਿੱਤਾ ਹੈ, ਜਦਕਿ ਅਜਿਹਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਨੂੰ ਇੰਡਸਟਰੀ ਹੱਬ ਬਣਾਇਆ ਜਾਵੇਗਾ ਅਤੇ ਇੰਡਸਟਰੀ ਪਾਰਕ ਵਜੋਂ ਜ਼ਮੀਨ ਡਿਵੈਲਪ ਕੀਤੀ ਜਾਵੇਗੀ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਪੁੱਡਾ ਨੂੰ ਵੇਚਣ ਦੀ ਮਨਜੂਰੀ ਦੇ ਦਿੱਤੀ ਗਈ ਹੈ।