
ਜਾਖੜ ਨੇ ਕਿਹਾ – ਸੁਖਬੀਰ ਬਾਦਲ ਵੀ ਕੁਰਸੀ ਦੇ ਲਾਲਚ ‘ਚ ਫਸੇ
ਹੁਸ਼ਿਆਰਪੁਰ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਕਾਲਾ ਕਾਨੂੰਨ ‘ਖੇਤੀ ਸੁਧਾਰ ਐਕਟ’ ਪਾਸ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹੁਣ ਐਮ.ਐਸ.ਪੀ. ਖਤਮ ਕਰਨ ਵੱਲ ਵਧ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਹਰੀ ਕਿਸ਼ਤੀ ‘ਤੇ ਸਵਾਰ ਹੋ ਕੇ ਕੁਰਸੀ ਦੇ ਲਾਲਚ ਵਿਚ ਫਸੇ ਹੋਏ ਹਨ ਅਤੇ ਦੋ-ਪਾਸੜ ਜਿਹੀਆਂ ਗੱਲਾਂ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਅਸਲ ਮੁੱਦਿਆਂ ਤੋਂ ਭਟਕ ਚੁੱਕੀ ਹੈ ਅਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੀ ਹਾਜ਼ਰ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਨੇ ਖੇਤੀ ਆਰਡੀਨੈਂਸਾਂ ਸਬੰਧੀ ਸਰਬ ਪਾਰਟੀ ਮੀਟਿੰਗ ਵੀ ਸੱਦੀ ਸੀ। ਜਿਸ ਵਿਚ ਭਾਜਪਾ ਅਤੇ ਅਕਾਲੀ ਦਲ ਤੋਂ ਇਲਾਵਾ ਸਾਰੀਆਂ ਪਾਰਟੀਆਂ ਖੇਤੀ ਆਰਡੀਨੈਂਸਾਂ ਖਿਲਾਫ ਇਕਜੁੱਟ ਨਜ਼ਰ ਆਈਆਂ ਸਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਕਿ ਸਰਬ ਪਾਰਟੀ ਬੈਠਕ ਤੋਂ ਬਾਅਦ ਗੁੰਮਰਾਹਕੁੰਨ ਪ੍ਰੈਸ ਰਿਲੀਜ਼ ਜਾਰੀ ਹੋਇਆ ਹੈ।