Breaking News
Home / ਹਫ਼ਤਾਵਾਰੀ ਫੇਰੀ / ਨਨਕਾਣਾ ਸਾਹਿਬ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਦਾ ਪਹਿਲਾ ਪੜਾਅ ਮੁਕੰਮਲ

ਨਨਕਾਣਾ ਸਾਹਿਬ ‘ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਦਾ ਪਹਿਲਾ ਪੜਾਅ ਮੁਕੰਮਲ

ਯੂਨੀਵਰਸਿਟੀ ਦੀ ਉਸਾਰੀ ਦੇ ਕੰਮ ‘ਤੇ ਆਏਗਾ 600 ਕਰੋੜ ਰੁਪਏ ਦਾ ਖਰਚਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਉਸਾਰੀ ਦੇ ਚੱਲਦਿਆਂ ਪਹਿਲੇ ਪੜਾਅ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪਹਿਲੇ ਪੜਾਅ ‘ਤੇ 8 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਰਕਮ ਨਾਲ ਯੂਨੀਵਰਸਿਟੀ ਦੀ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਲਹਿੰਦੇ ਪੰਜਾਬ ਦੀ ਸਰਕਾਰ ਦੀ 110 ਏਕੜ ਜ਼ਮੀਨ ਭੂਮੀ ਮਾਫ਼ੀਆ ਤੋਂ ਕਬਜ਼ਾਮੁਕਤ ਕਰਵਾ ਕੇ ਪਿਛਲੇ ਵਰ੍ਹੇ 28 ਅਕਤੂਬਰ ਨੂੰ ਉੱਥੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਬਾਬਾ ਗੁਰੂ ਨਾਨਕ ਤਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਪਾਕਿ ਦੇ ਸੰਘੀ ਗ੍ਰਹਿ ਮੰਤਰੀ ਬ੍ਰਿਗੇਡੀਅਰ (ਸੇਵਾ ਮੁਕਤ) ਇਜਾਜ਼ ਅਹਿਮਦ ਸ਼ਾਹ, ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ, ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ‘ਤੇ ਉਸਾਰੀ ਜਾਣ ਵਾਲੀ ਇਸ ਯੂਨੀਵਰਸਿਟੀ ਨਾਲ ਸ੍ਰੀ ਨਨਕਾਣਾ ਸਾਹਿਬ, ਸ਼ੇਖ਼ੂਪੁਰਾ, ਜੜ੍ਹਾਂਵਾਲਾ, ਓਕਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦੀ ਸਹੂਲਤ ਮਿਲੇਗੀ ਅਤੇ ਇੱਥੇ ਗੁਰਮੁਖੀ, ਪੰਜਾਬੀ, ਅੰਗਰੇਜ਼ੀ, ਉਰਦੂ ਸਮੇਤ ਵੱਖ-ਵੱਖ ਭਾਸ਼ਾਵਾਂ ਵਿਚ ਹਰ ਉਹ ਕੋਰਸ ਤੇ ਪੜ੍ਹਾਈ ਕਰਾਈ ਜਾਵੇਗੀ, ਜੋ ਪਾਕਿ ਦੀਆਂ ਪੁਰਾਣੀਆਂ ਤੇ ਨਾਮਵਰ ਯੂਨੀਵਰਸਿਟੀਆਂ ਵਿਚ ਕਰਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਦੀ ਉਸਾਰੀ ਤੇ 100 ਕਰੋੜ ਰੁਪਏ ਦੀ ਲਾਗਤ ਨਾਲ ਹੋਸਟਲ, ਦਾਖਲਾ ਬਲਾਕ ਅਤੇ ਕਲਾਸ-ਰੂਮ ਦੀ ਉਸਾਰੀ ਜਲਦੀ ਸ਼ੁਰੂ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਲਗਪਗ 600 ਕਰੋੜ ਦੀ ਲਾਗਤ ਨਾਲ ਉਕਤ ਯੂਨੀਵਰਸਿਟੀ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …