-4.2 C
Toronto
Wednesday, January 21, 2026
spot_img
Homeਪੰਜਾਬਉਤਰ ਪ੍ਰਦੇਸ਼ ਵਿਚ ਕੋਈ ਸਿੱਖ ਕਿਸਾਨ ਉਜਾੜਿਆ ਨਹੀਂ ਜਾਵੇਗਾ

ਉਤਰ ਪ੍ਰਦੇਸ਼ ਵਿਚ ਕੋਈ ਸਿੱਖ ਕਿਸਾਨ ਉਜਾੜਿਆ ਨਹੀਂ ਜਾਵੇਗਾ

Image Courtesy :punjabguardian

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਕਾਲੀ ਦਲ ਦੇ ਵਫ਼ਦ ਨੂੰ ਦਿਵਾਇਆ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਮੈਂਬਰੀ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿਚ ਕਿਸੇ ਵੀ ਸਿੱਖ ਕਿਸਾਨ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਲਖਨਊ ਰਿਹਾਇਸ਼ ‘ਤੇ ਮੁਲਾਕਾਤ ਕਰਨ ਮਗਰੋਂ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਰਮਡ ਫੋਰਸਿਜ਼ ਸੈਂਟਰ, ਜੋ ਕਿ ਬਿਜਨੌਰ ਵਿਚ ਚੰਪਤਪੁਰ ਚਮਲਾ ਵਿਚ ਵਸੇ ਸਿੱਖ ਕਿਸਾਨਾਂ ਦੀ ਜ਼ਮੀਨ ‘ਤੇ ਬਣਾਉਣ ਦੀ ਤਜਵੀਜ਼ ਸੀ, ਲਈ ਵੱਖਰੀ ਥਾਂ ਨਿਸ਼ਚਿਤ ਕਰੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੀਆਂ ਚਾਰ ਥਾਵਾਂ ਜਿੱਥੇ ਸਿੱਖਾਂ ਨੂੰ ਉਜਾੜੇ ਦਾ ਖਦਸ਼ਾ ਹੈ, ਦੇ ਸਰਵੇਖਣ ਲਈ ਅਤੇ ਜਿਹੜੀਆਂ ਜ਼ਮੀਨਾਂ ਇਹ ਕਿਸਾਨ ਵਾਹ ਰਹੇ ਹਨ, ਉਨ੍ਹਾਂ ਦੇ ਅਧਿਕਾਰ ਦੇਣ ਦਾ ਰਾਹ ਲੱਭਣ ਲਈ ਚਾਰ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ।
ਚੰਦੂਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਿੰਜਾਈ ਮੰਤਰੀ ਬਲਦੇਵ ਸਿੰਘ ਔਲਖ ਨੂੰ ਇਨ੍ਹਾਂ ਚਾਰਾਂ ਮਾਮਲਿਆਂ ਦੀ ਘੋਖ ਅਤੇ ਉੱਤਰ ਪ੍ਰਦੇਸ਼ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਹੋਰ ਮੁਸ਼ਕਲਾਂ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਕਾਲੀ ਦਲ ਕਮੇਟੀ, ਜਿਸ ਵਿਚ ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਮੁੱਖ ਮੰਤਰੀ ਵਲੋਂ ਦੁਆਏ ਭਰੋਸੇ ਦਾ ਦਿਲੋਂ ਸਵਾਗਤ ਕੀਤਾ ਹੈ ਤੇ ਕਿਹਾ ਹੈ ਕਿ ਇਸ ਮੀਟਿੰਗ ਨਾਲ 1950 ਤੋਂ ਇਹ ਜ਼ਮੀਨਾਂ ਵਾਹ ਰਹੇ ਕਿਸਾਨਾਂ ਨੂੰ ਇਹਨਾਂ ਜ਼ਮੀਨਾਂ ਦੇ ਅਧਿਕਾਰ ਮਿਲਣ ਦਾ ਰਾਹ ਖੁੱਲ੍ਹ ਗਿਆ ਹੈ। ਕਮੇਟੀ ਮੈਂਬਰਾਂ ਨੇ ਕਿਹਾ ਅਸੀਂ ਮੁੱਖ ਮੰਤਰੀ ਦੇ ਇਸ ਬਿਆਨ ਦਾ ਸਵਾਗਤ ਕਰਦੇ ਹਾਂ ਕਿ ਇਕ ਵੀ ਸਿੱਖ ਨੂੰ ਉਸਦੀ ਜ਼ਮੀਨ ਵਿਚੋਂ ਉਜਾੜਿਆ ਨਹੀਂ ਜਾਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿਚ ਹੋਈ। ਉਹਨਾਂ ਕਿਹਾ ਕਿ ਸਥਾਨਕ ਭਾਜਪਾ ਵਿਧਾਇਕ ਸੁਸ਼ਾਂਤ ਸਿੰਘ ਤੇ ਪਰਦੀਪ ਸਿੰਘ ਵੀ ਇਸ ਮੀਟਿੰਗ ਵਿਚ ਸ਼ਾਮਲ ਸਨ।

RELATED ARTICLES
POPULAR POSTS