Breaking News
Home / ਪੰਜਾਬ / ਕੈਪਟਨ ਅਮਰਿੰਦਰ ਵਲੋਂ ਸਰਬ ਪਾਰਟੀ ਮੀਟਿੰਗ

ਕੈਪਟਨ ਅਮਰਿੰਦਰ ਵਲੋਂ ਸਰਬ ਪਾਰਟੀ ਮੀਟਿੰਗ

Image Courtesy : ਏਬੀਪੀ ਸਾਂਝਾ

ਕੇਂਦਰ ਦਾ ਆਰਡੀਨੈਂਸ ਕਿਸਾਨ ਵਿਰੋਧੀ ਕਰਾਰ
ਭਾਜਪਾ ਤੋਂ ਬਿਨਾਂ ਸਾਰੀਆਂ ਪਾਰਟੀਆਂ ਨੇ ਆਰਡੀਨੈਂਸ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਜਪਾ ਤੋਂ ਬਿਨਾਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਇਕ ਸੁਰ ਵਿਚ ਤਿੰਨੇ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ઠ
ਮੀਟਿੰਗ ਦੌਰਾਨ ਆਰਡੀਨੈਂਸ ਰੱਦ ਕਰਨ ਅਤੇ ਸਮੂਹ ਪਾਰਟੀਆਂ ਦੇ ਸਾਂਝੇ ਵਫ਼ਦ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਮੂਹ ਪਾਰਟੀਆਂ ਦਾ ਸਾਂਝਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲੇਗਾ।ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਤਾ ਪੇਸ਼ ਕੀਤਾ ਗਿਆ ਹੈ ਕਿ ਸਮੂਹ ਦਲ ਕਿਸਾਨਾਂ ਨਾਲ ਖੜ੍ਹੇ ਹਨ ਜਾਂ ਨਹੀਂ ਤਾਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਸਮੇਤ ਸਮੂਹ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਵਿਚ ਖੜ੍ਹੇ ਹੋਣ ਦੀ ਹਾਮੀ ਭਰੀ।ઠ
ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਸਟੇਟ ਖ਼ਿਲਾਫ਼ ਆਰਡੀਨੈਂਸ ਲਿਆਉਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਮੁੱਦੇ ‘ਤੇ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦੀ ਗੱਲ ਕਰਦੇ ਹਨ ਪਰ ਕਿਸਾਨ ਹਿਤ ਲਈ ਕੁਰਸੀ ਛੱਡਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਆਰਡੀਨੈਂਸ ਦੇ ਮੁੱਦੇ ‘ਤੇ ਸਾਰੇ ਬਦਲ ਖੁੱਲ੍ਹੇ ਰੱਖੇ ਜਾਣਗੇ ਅਤੇ ਲੋੜ ਪਈ ਤਾਂ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾਇਆ ਜਾ ਸਕਦਾ ਹੈ।
ਗਠਜੋੜ ਜਾਂ ਮੰਤਰੀ ਦਾ ਅਹੁਦਾ ਕਿਸਾਨਾਂ ਤੋਂ ਉੱਪਰ ਨਹੀਂ : ਸੁਖਬੀਰઠ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਗਠਜੋੜ, ਮੰਤਰੀ ਦਾ ਅਹੁਦਾ ਕਿਸਾਨਾਂ ਦੇ ਹਿੱਤਾਂ ਤੋਂ ਉੱਪਰ ਨਹੀਂ ਹੈ। ਉਨ੍ਹਾਂ ਬੀਜ ਘੁਟਾਲਾ, ਸ਼ਰਾਬ ਮਾਫੀਆ, ਰਾਸ਼ਨ ਘੁਟਾਲੇ ਦੇ ਮੁੱਦੇ ‘ਤੇ ਵੀ ਸਰਬ ਪਾਰਟੀ ਮੀਟਿੰਗ ਬਲਾਉਣ ਦੀ ਮੰਗ ਕੀਤੀ। ਸੁਖਬੀਰ ਨੇ ਡੀਜ਼ਲ ‘ਤੇ ਦਸ ਰੁਪਏ ਵੈਟ ਦੀ ਕਟੌਤੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਕਟੌਤੀ ਕੀਤੀ ਜਾਂਦੀ ਹੈ ਤਾਂ ਅਕਾਲੀ ਦਲ ਹੋਰਨਾਂ ਸਹਿਯੋਗੀ ਪਾਰਟੀਆਂ ਨਾਲ ਖੜ੍ਹਾ ਹੋਵੇਗਾ।
ਕਿਸਾਨਾਂ ਨੂੰ ਚਿੰਤਾ ਦੀ ਲੋੜ ਨਹੀਂ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਪ੍ਰਧਾਨ ਦੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐੱਮਐੱਸਪੀ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦਲੀਲ ਦਿੱਤੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾ ਰਿਹਾ ਹੈ।ઠਸ਼ਰਮਾ ਨੇ ਕਿਹਾ ਕਿ ਸੰਘੀ ਢਾਂਚੇ ਦਾ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੇ ਕੀਤਾ ਹੈ। ਕਾਂਗਰਸ ਨੇ ਧਾਰਾ 356 ਦੀ ਦੁਰਵਰਤੋ ਕਰ ਕੇ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ ਹਨ। ਐਮਰਜੈਂਸੀ ਲਾਗੂ ਕੀਤੀ ਗਈ। ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਕਿਸਾਨਾਂ ਦੇ ਹਿੱਤ ਵਿਚ ਕਾਨੂੰਨ ਬਣਾਏ ਹਨ। ਉਨ੍ਹਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ‘ਆਪ’ ਪ੍ਰਧਾਨ ਭਗਵੰਤ ਮਾਨ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਵੀ ਲਾਏ।
ਆਰਡੀਨੈਂਸ ਕਿਸਾਨ/ਮਜ਼ਦੂਰ ਵਿਰੋਧੀ : ਗੜ੍ਹੀઠ
ਬਹੁਜਨ ਸਮਾਜ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਆਰਡੀਨੈਂਸ ਨੂੰ ਕਿਸਾਨ ਤੇ ਖੇਤ ਮਜ਼ਦੂਰ ਵਿਰੋਧੀ ਦੱਸਿਆ ਹੈ। ਮੀਟਿੰਗ ਦੌਰਾਨ ਗੜ੍ਹੀ ਨੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੀ ਗੱਲ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਖੇਤ ਮਜ਼ਦੂਰਾਂ ਤੇ ਦਲਿਤ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਕ ਤਿਹਾਈ ਪੰਚਾਇਤੀ ਜ਼ਮੀਨ ਤੋਂ ਦਲਿਤ ਕਿਸਾਨਾਂ ਨੂੰ ਵਾਂਝਿਆਂ ਕਰਕੇ ਦਬਾਇਆ ਜਾ ਰਿਹਾ ਹੈ।
ਸਰਹੱਦ ‘ਤੇ ਫ਼ੌਜੀਆਂ ਨੂੰ ਸਵੈ-ਰੱਖਿਆ ਲਈ ਗੋਲੀ ਚਲਾਉਣ ਦੀ ਆਗਿਆ ਮਿਲੇ : ਅਮਰਿੰਦਰ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਹੱਦਾਂ ‘ਤੇ ਤਾਇਨਾਤ ਸੈਨਿਕਾਂ ਨੂੰ ਸਵੈ-ਰੱਖਿਆ ਤੇ ਦੇਸ਼ ਦੀਆਂ ਹੱਦਾਂ ਦੀ ਰਾਖੀ ਲਈ ਹਥਿਆਰ ਚਲਾਉਣ ਦੀ ਆਗਿਆ ਦਿੱਤੀ ਜਾਵੇ। ਆਪਣੇ ‘ਫੇਸਬੁੱਕ ਲਾਈਵ’ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ‘ਤੇ ਸੈਨਿਕਾਂ ਨੂੰ ਹਥਿਆਰਾਂ ਤੋਂ ਬਿਨਾਂ ਭੇਜਣ ਦੀ ਉਹ ਬਿਲਕੁਲ ਹਮਾਇਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਇਹ ਨੀਤੀ ਹੋਣੀ ਚਾਹੀਦੀ ਹੈ ਕਿ ‘ਜੇ ਉਹ ਸਾਡਾ ਇਕ ਸੈਨਿਕ ਮਾਰਦੇ ਹਨ ਤਾਂ ਅਸੀਂ ਉਨ੍ਹਾਂ ਦੇ ਪੰਜ ਸੈਨਿਕ ਮਾਰੀਏ।’ ਉਨ੍ਹਾਂ ਕਿਹਾ ਕਿ ਜਦ ਉਹ (ਕੈਪਟਨ) ਆਪਣੇ ਸੈਨਿਕ ਸਾਥੀਆਂ ਨਾਲ ਐਲਏਸੀ ਉਤੇ ਦੋ ਸਾਲ ਲਈ ਤਾਇਨਾਤ ਸਨ ਤਾਂ ਗਸ਼ਤ ਉਤੇ ਨਿਕਲਦਿਆਂ ਉਹ ਹਰ ਤਰ੍ਹਾਂ ਦੇ ਹਥਿਆਰਾਂ ਨਾਲ ਲੈਸ ਹੁੰਦੇ ਸਨ। ਮੁੱਖ ਮੰਤਰੀ ਨੇ ਚਾਰ ਪੰਜਾਬੀਆਂ ਸਣੇ 20 ਭਾਰਤੀ ਸੈਨਿਕਾਂ ਦੇ ਸ਼ਹੀਦ ਹੋਣ ‘ਤੇ ਦੁੱਖ ਅਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਪਰਮਾਣੂ ਹਥਿਆਰਾਂ ਦੇ ਯੁੱਗ ਵਿੱਚ ਅਸੀਂ ਡੰਡਿਆਂ ਨਾਲ ਲੜ ਰਹੇ ਹਾਂ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …