![](https://parvasinewspaper.com/wp-content/uploads/2020/06/d-16-300x262.jpg)
ਪੰਜਾਬ ਸਮੇਤ ਦੇਸ਼ ਭਰ ਵਿਚ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹਰ ਰੋਜ਼ ਹੋ ਰਹੇ ਵਾਧੇ ਖਿਲਾਫ ਕਾਂਗਰਸ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਪੰਜਾਬ ਸਮੇਤ ਪੂਰੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਹੋਏ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਕਮੇਟੀ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ। ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾ ਵਾਪਸ ਲੈਣਾ ਚਾਹੀਦਾ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਨਵਾਂਸ਼ਹਿਰ ‘ਚ ਕਿਹਾ ਕਿ ਮੋਦੀ ਸਰਕਾਰ ਨੇ ਜੈ ਜਵਾਨ ਅਤੇ ਜੈ ਕਿਸਾਨ ਨੂੰ ਨੁੱਕਰੇ ਲਗਾ ਦਿੱਤਾ ਹੈ ਅਤੇ ਸ਼ਾਹੂਕਾਰਾਂ ਦੀ ਸਰਕਾਰ ਸਾਬਤ ਹੋ ਰਹੀ ਹੈ।
ਇਸੇ ਦੌਰਾਨ ਜਲੰਧਰ ਵਿਚ ਕਾਂਗਰਸੀਆਂ ਨੇ ਤੇਲ ਕੀਮਤਾਂ ਵਿਚ ਹੋ ਰਹੇ ਵਾਧੇ ਖਿਲਾਫ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂਆਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਐਮ.ਪੀ. ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਪਰਗਟ ਸਿੰਘ ਸਮੇਤ ਹੋਰ ਆਗੂਆਂ ਨੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸੇ ਤਰ੍ਹਾਂ ਬਠਿੰਡਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ ਅਤੇ ਸੰਗਰੂਰ ਸਮੇਤ ਪੂਰੇ ਪੰਜਾਬ ਵਿਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਗਏ ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਗਈ। ਧਿਆਨ ਰਹੇ ਕਿ ਭਾਰਤ ਵਿਚ ਪਿਛਲੇ 20 ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ, ਪਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੁੱਤੀ ਪਈ ਹੈ।