
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਹੋਏ ਬਹੁ-ਚਰਚਿਤ ਸਬਜ਼ੀ ਘੁਟਾਲਾ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਦੋਸ਼ੀ ਪਾਏ ਗਏ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੜਤਾਲੀਆ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੀਤੀ ਹੈ ਅਤੇ ਹੁਣ ਕੇਸਗੜ੍ਹ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਗੁਰਦੀਪ ਸਿੰਘ ਕੰਗ ਦੀ ਨਿਯੁਕਤੀ ਹੋਈ ਹੈ। ਧਿਆਨ ਰਹੇ ਕਿ ਲੌਕ ਡਾਊਨ ਦੌਰਾਨ ਸੰਗਤ ਦੀ ਘੱਟ ਆਮਦ ਦੇ ਬਾਵਜੂਦ ਲੰਗਰ ਵਿਚ ਲੱਖਾਂ ਦੀ ਸਬਜ਼ੀ ਦੇ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਸੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਜਾਵੇ। ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਹੈ। ਧਿਆਨ ਰਹੇ ਕਿ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਅਸਤੀਫੇ ਦੀ ਮੰਗ ਵੀ ਕੀਤੀ ਹੈ।