ਲਾਹੌਰ : ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਤੋਂ ਬਾਅਦ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ ਪਰ ਪਹਿਲੇ ਦਿਨ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾ ਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ ਹੈ। ਈਟੀਪੀਬੀ ਮੁਲਕ ਵਿਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਚ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਈਟੀਪੀਬੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।’ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਰਿਹਾ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਦੀ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਤੋਂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਕਰੋਨਾ ਵਾਇਰਸ ਫੈਲਣ ਦੇ ਡਰੋਂ ਬੰਦ ਕੀਤੇ ਲਾਂਘੇ ਨੂੰ ਪਾਕਿਸਤਾਨ ਸਰਕਾਰ ਨੇ ਆਪਣੇ ਵਾਲੇ ਪਾਸਿਓਂ ਖੋਲ੍ਹ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ”ਭਾਰਤ ਸਰਕਾਰ ਵਲੋਂ 8 ਜੂਨ ਨੂੰ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਸਨ। ਸਾਡੀ ਸਰਕਾਰ ਨੂੰ ਸਿੱਖ ਸੰਗਤ ਲਈ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣਾ ਚਾਹੀਦਾ ਹੈ।” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ, ”ਮੈਂ ਪਾਕਿਸਤਾਨ ਸਰਕਾਰ ਵਲੋਂ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕਰਦਾ ਹਾਂ।
ਕੈਪਟਨ ਅਮਰਿੰਦਰ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਹੱਕ ‘ਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਕਿਹਾ ਕਿ ਸੂਬਾ ਸਰਕਾਰ ਲਾਂਘਾ ਖੋਲ੍ਹਣ ਨਾਲ ਸਹਿਮਤ ਹੈ, ਪਰ ਪਾਕਿਸਤਾਨ ਵਿੱਚ ਕਰੋਨਾ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ। ਜੇਕਰ ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖਿਆ ਜਾ ਸਕਦਾ ਹੈ ਤਾਂ ਅਸੀ ਲਾਂਘਾ ਖੋਲ੍ਹਣ ਦੇ ਹੱਕ ਵਿਚ ਹਾਂ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਸ ਸਬੰਧੀ ਸਿਫਾਰਸ਼ ਵੀ ਕਰਨਗੇ।
Check Also
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …