ਇਮਰਾਨ ਖਾਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ, ਸ਼੍ਰੋਮਣੀ ਕਮੇਟੀ ਵਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਅੱਜ ਦੁਪਹਿਰੇ ਇਕ ਬੱਸ ਦੀ ਰੇਲ ਗੱਡੀ ਨਾਲ ਹੋਈ ਟੱਕਰ ਵਿਚ 20 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਲਾਹੌਰ ਤੋਂ ਸਿੱਖ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ਕਰਾਚੀ ਨੇੜੇ ਰੇਲ ਗੱਡੀ ਨਾਲ ਟਕਰਾਅ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਰੇਲਵੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਬਿਨਾ ਗੇਟ ਵਾਲੀ ਰੇਲਵੇ ਕਰਾਸਿੰਗ ‘ਤੇ ਵਾਪਰਿਆ ਹੈ। ਰੇਲਵੇ ਦੇ ਮੰਤਰੀ ਸ਼ੇਖ ਰਸ਼ੀਦ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਭਿਆਨਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਸਿੱਖ ਸ਼ਰਧਾਲੂਆਂ ਦੀ ਹੋਈ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …