![](https://parvasinewspaper.com/wp-content/uploads/2020/07/107662444__98135313_ramrahim-300x169.jpg)
ਧਿਆਨ ਸਿੰਘ ਮੰਡ ਨੇ ਫਿਰ ਤੋਂ ਸੰਘਰਸ਼ ਸ਼ੁਰੂ ਕਰਨ ਦੀ ਕਹੀ ਗੱਲ
ਫਰੀਦਕੋਟ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਵਿਚ ਗੁਰਮੀਤ ਸਿੰਘ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਸਿਆਸਤ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਮੰਡ ਹੋਰਾਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਉਹ ਲੋਕ ਪੁਲਿਸ ਦੀ ਪਕੜ ਵਿੱਚ ਨਹੀਂ ਆ ਜਾਂਦੇ, ਭਾਵੇਂ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਣ, ਭਾਵੇਂ ਸੁਖਬੀਰ ਬਾਦਲ ਜਾਂ ਡੇਰਾ ਸਿਰਸਾ ਦਾ ਮੁਖੀ ਹੋਵੇ।
ਇਸੇ ਦੌਰਾਨ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਬੇਅਦਬੀ ਮਾਮਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਬਾਦਲਾਂ ਨੇ ਸੱਚ ਨੂੰ ਛੁਪਾ ਕੇ ਲੋਕਾਂ ਨੂੰ ਧੋਖਾ ਦਿੱਤਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਸੂਰਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵੱਡਾ ਲੀਡਰ ਜਾਂ ਅਧਿਕਾਰੀ ਹੋਵੇ।