
ਬ੍ਰਹਮਪੁਰਾ ਨੂੰ ਮੁੜ ਬਾਦਲਾਂ ਨਾਲ ਰਲਾਉਣ ਦੀਆਂ ਵੀ ਤਿਆਰੀਆਂ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਢੀਂਡਸਾ ਦੇ ਨਾਲ ਸੇਵਾ ਸਿੰਘ ਸੇਖਵਾਂ ਤੇ ਹੋਰ ਪਾਰਟੀ ਆਗੂ ਹਾਜ਼ਰ ਸਨ। ਢੀਂਡਸਾ ਨੇ ਆਖਿਆ ਕਿ ਉਨ੍ਹਾਂ ਨੇ ਅਕਾਲੀ ਦਲ ਵਿੱਚ ਜਮਹੂਰੀਅਤ ਨੂੰ ਬਹਾਲ ਕਰਨ ਲਈ ਹੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਜਲਦੀ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਇਕੱਲੇ ਰਹਿ ਗਏ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੂੰ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਮੁੜ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਲੈ ਕੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਬ੍ਰਹਮਪੁਰਾ ਨਾਲ ਮੁਲਾਕਾਤ ਕੀਤੀ ਅਤੇ ਬ੍ਰਹਮਪੁਰਾ ਨੇ ਢੀਂਡਸਾ ਖਿਲਾਫ ਕਾਫੀ ਭੜਾਸ ਵੀ ਕੱਢੀ ਹੈ।