ਜਲੰਧਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਆਰਡੀਨੈਂਸਾਂ ਦੇ ਮਾਮਲੇ ‘ਤੇ ਮੋਦੀ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਨਕੋਦਰ ਨੇੜਲੇ ਪਿੰਡ ਲਿੱਤਰਾਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਜਦੋਂ ਵੀ ਬਾਦਲਾਂ ਦੇ ਹੱਥ ਆਈ ਹੈ, ਉਨ੍ਹਾਂ ਨੇ ਪੰਥ ਤੇ ਪੰਜਾਬ ਨਾਲ ਧੋਖਾ ਕੀਤਾ ਹੈ। ਹੁਣ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਇੱਕ ਵਜ਼ੀਰੀ ਦੀ ਖ਼ਾਤਰ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੀ ਥਾਂ ਮੋਦੀ ਸਰਕਾਰ ਦੀ ਪਿੱਠ ਥਾਪੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ।
ਉਹ ਆਪਣੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਲਈ ਹਰ ਪੱਧਰ ‘ਤੇ ਲੜਾਈ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਪਹਿਲਾਂ ਹੀ ਸਿੱਖ ਪੰਥ ਦੇ ਦੋਸ਼ੀ ਹਨ, ਜਿਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਹੁਣ ਉਹ ਕਿਸਾਨਾਂ ਨੂੰ ਬਰਬਾਦ ਕਰਨ ਦੇ ਰਾਹ ਪੈ ਗਏ ਹਨ। ਉਨ੍ਹਾਂ ਅਕਾਲੀਆਂ ਨੂੰ ਸਵਾਲ ਕੀਤਾ ਕਿ ਆਖ਼ਰ ਪੰਜਾਬ ਨੇ ਉਨ੍ਹਾਂ ਦਾ ਕੀ ਮਾੜਾ ਕੀਤਾ ਹੈ ਕਿ ਉਹ ਕੇਂਦਰ ਤੋਂ ਸੂਬੇ ਨੂੰ ਮਿਲਣ ਵਾਲੀ ਹਿੱਸੇਦਾਰੀ ਨੂੰ ਵੀ ਖ਼ਤਰੇ ਵਿੱਚ ਪਾ ਰਹੇ ਹਨ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਰਾਜਿੰਦਰ ਬੇਰੀ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਆਦਿ ਹਾਜ਼ਰ ਸਨ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …