Breaking News
Home / ਪੰਜਾਬ / ਸ਼ਹੀਦ ਜਵਾਨ ਰਾਜਵਿੰਦਰ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ

ਸ਼ਹੀਦ ਜਵਾਨ ਰਾਜਵਿੰਦਰ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ

ਸਮਾਣਾ : ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿਚ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਪਿੰਡ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29) ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੋਦੜਾ ਵਿਚ ਕੀਤਾ ਗਿਆ। ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਮਹਿੰਦਰ ਕੌਰ, ਵੱਡੇ ਭਰਾ ਬਲਵੰਤ ਸਿੰਘ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਕਸ਼ਮੀਰ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਨਾਇਕ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਹਿਲਾਂ ਚੰਡੀਗੜ੍ਹ ਤੇ ਉਥੋਂ ਪਟਿਆਲਾ ਮਿਲਟਰੀ ਸਟੇਸ਼ਨ ਲਿਆਂਦੀ ਗਈ। ਪਟਿਆਲਾ ਤੋਂ ਵੱਡੇ ਕਾਫ਼ਲੇ ਨਾਲ ਮ੍ਰਿਤਕ ਦੇਹ ਪਿੰਡ ਦੋਦੜਾ ਲਿਆਂਦੀ ਗਈ, ਜਿੱਥੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਨਾਲ ਨਾਇਕ ਰਾਜਵਿੰਦਰ ਸਿੰਘ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।
ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਤਲਵੰਡੀ ਸਾਬੋ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਯੂ.ਏ.ਪੀ.ਏ. ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਹੋ ਰਹੀਆਂ ਹਨ, ਜਿਸਦੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਕੈਪਟਨ ਅਮਰਿੰਦਰ ਸਰਕਾਰ ਦਾ ਵੀ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਕਾਂਗਰਸ ਇਸ ਕਾਨੂੰਨ ਦਾ ਵਿਰੋਧ ਕਰ ਰਹੀ ਹੈ ਅਤੇ ਦੂਜੇ ਪਾਸੇ ਛੋਟੀਆਂ ਛੋਟੀਆਂ ਗੱਲਾਂ ‘ਤੇ ਇਸੇ ਕਾਨੂੰਨ ਤਹਿਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਿਆਂ ਵਿਚ ਜ਼ਲੀਲ ਕੀਤਾ ਜਾ ਰਿਹਾ ਹੈ।
ਸੁਮੇਧ ਸੈਣੀ ਦੀ ਗ੍ਰਿਫਤਾਰੀ 10 ਜੁਲਾਈ ਤੱਕ ਫਿਰ ਟਲੀ
ਮੁਹਾਲੀ : 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ ਹੁਣ 10 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਧਾਰਾ 302 ਵਿਚ ਦਿੱਤੀ ਗਈ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੁਣ 10 ਜੁਲਾਈ ‘ਤੇ ਪਾ ਦਿੱਤੀ ਗਈ ਹੈ।
ਫਰੀਦਕੋਟ ਦੇ ਆਖਰੀ ਰਾਜੇ ਦੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ
ਫਰੀਦਕੋਟ : ਫਰੀਦਕੋਟ ਦੇ ਆਖਰੀ ਰਾਜੇ ਮਹਾਰਾਜਾ ਹਰਿੰਦਰ ਸਿੰਘ ਦੀ ਲਗਪਗ 20 ਹਜ਼ਾਰ ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਦੀ ਜਾਅਲੀ ਵਸੀਅਤ ਤਿਆਰ ਕਰਕੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਮਹਾਰਵਲ ਖੇਵਾਜੀ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਸਮੇਤ 23 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਮਹਾਰਾਜਾ ਹਰਿੰਦਰ ਸਿੰਘ ਦੀ ਧੀ ਅੰਮ੍ਰਿਤ ਕੌਰ ਨੇ ਇਲਜ਼ਾਮ ਲਾਇਆ ਹੈ ਕਿ ਉਸ ਦੇ ਪਿਤਾ ਦੀ ਮਾਨਸਿਕ ਸਿਹਤ ਠੀਕ ਨਹੀਂ ਸੀ, ਇਸ ਗੱਲ ਦਾ ਫਾਇਦਾ ਉਠਾ ਕੇ ਜਾਅਲੀ ਵਸੀਅਤ ਤਿਆਰ ਕਰਕੇ ਹਜ਼ਾਰਾਂ ਕਰੋੜ ਦੀ ਸ਼ਾਹੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਗਈ । ਪੁਲਿਸ ਨੇ ਅੰਮ੍ਰਿਤ ਕੌਰ ਦੀ ਸ਼ਿਕਾਇਤ ‘ਤੇ 23 ਵਿਅਕਤੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …