ਡੇਰਾ ਮੁਖੀ ਜਬਰ ਜਨਾਹ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਜੇਲ੍ਹ ‘ਚ ਬੰਦ
ਫਰੀਦਕੋਟ : ਜੂਨ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁੱਖ ਸਾਜਿਸ਼ਕਾਰ ਵਜੋਂ ਦੋਸ਼ੀ ਨਾਮਜ਼ਦ ਕੀਤਾ ਹੈ। ਡੇਰਾ ਮੁਖੀ ਇਸ ਵੇਲੇ ਜਬਰ-ਜਨਾਹ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਦੂਹਰੀ ਸਜ਼ਾ ਕੱਟ ਰਿਹਾ ਹੈ। ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ ਸੀ ਅਤੇ ਉਸ ਤੋਂ ਬਾਅਦ ਬੀੜ ਦੇ ਪੱਤਰੇ ਗਲੀਆਂ ਵਿਚ ਖਿਲਾਰੇ ਗਏ ਸਨ, ਜਿਸ ਮਗਰੋਂ ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ। ਵਿਸ਼ੇਸ਼ ਜਾਂਚ ਟੀਮ ਨੇ ਪਿਛਲੇ ਦਿਨੀਂ ਪੰਜ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛਗਿੱਛ ਪੜਤਾਲ ਦੌਰਾਨ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਸਾਜਿਸ਼ ਸਾਹਮਣੇ ਆਈ ਹੈ। ਜਾਂਚ ਟੀਮ ਨੇ ਮੁੱਢਲੀ ਪੜਤਾਲ ਮੁਕੰਮਲ ਹੋਣ ਮਗਰੋਂ ਅਦਾਲਤ ਸਾਹਮਣੇ ਚਲਾਨ ਵੀ ਪੇਸ਼ ਕਰ ਦਿੱਤਾ, ਜਿਸ ਵਿਚ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਨਾਮ ਵੀ ਸ਼ਾਮਲ ਹਨ। ਜਾਂਚ ਟੀਮ ਨੇ ਦਾਅਵਾ ਕੀਤਾ ਕਿ 2007 ਤੋਂ ਲੈ ਕੇ 2015 ਤੱਕ ਡੇਰਾ ਸਿਰਸਾ ਅਤੇ ਸਿੱਖਾਂ ਦਰਮਿਆਨ ਤਿੱਖਾ ਟਕਰਾਅ ਚੱਲਦਾ ਰਿਹਾ ਅਤੇ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਂਝੀ ਦੇ ਕਹਿਣ ‘ਤੇ ਕੁਝ ਡੇਰਾ ਪ੍ਰੇਮੀਆਂ ਨੇ ਸੱਚਾ ਸੌਦਾ ਦੇ ਲੌਕੇਟ ਉਤਾਰ ਕੇ ਸੁੱਟ ਦਿੱਤੇ ਸਨ। ਡੇਰਾ ਪ੍ਰੇਮੀਆਂ ਨੇ ਸਿੱਖਾਂ ਤੋਂ ਲੌਕੇਟਾਂ ਦੀ ਬੇਅਦਬੀ ਦਾ ਬਦਲਾ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸਾਜਿਸ਼ ਰਚੀ। ਜਾਂਚ ਟੀਮ ਅਨੁਸਾਰ ਗੁਰੂ ਗ੍ਰੰਥ ਸਾਹਿਬ ਚੋਰੀ ਅਤੇ ਇਸ ਦੀ ਬੇਅਦਬੀ ਕਰਨ ਦੀ ਸਾਜਿਸ਼ ਡੇਰਾ ਸੱਚਾ ਸੌਦਾ ਸਿਰਸਾ ਵਿਚ ਹੀ ਰਚੀ ਗਈ ਸੀ ਅਤੇ ਡੇਰਾ ਮੁਖੀ ਇਸ ਸਾਜਿਸ਼ ਵਿਚ ਪੂਰੀ ਤਰ੍ਹਾਂ ਸ਼ਾਮਲ ਸੀ। ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਜੇਕਰ ਡੇਰਾ ਸੱਚਾ ਸੌਦਾ ਦੇ ਕੌਮੀ ਕਮੇਟੀ ਮੈਂਬਰ ਗ੍ਰਿਫ਼ਤਾਰ ਹੋ ਜਾਂਦੇ ਹਨ ਤਾਂ ਹੋਰ ਮੁਲਜ਼ਮਾਂ ਦੀ ਸ਼ਨਾਖਤ ਵੀ ਹੋ ਸਕਦੀ ਹੈ। ਪੜਤਾਲ ਦੌਰਾਨ ਉਨ੍ਹਾਂ ਨੂੰ ਅਹਿਮ ਸਬੂਤ, ਗਵਾਹ ਅਤੇ ਦਸਤਾਵੇਜ਼ ਮਿਲੇ ਹਨ, ਜੋ ਉਨ੍ਹਾਂ ਨੇ ਚਲਾਨ ਦੇ ਨਾਲ ਡਿਊਟੀ ਜੱਜ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਬਾਜਾਖਾਨਾ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਸਬੰਧੀ 2 ਜੂਨ 2015 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 295-ਏ, 380, 120-ਬੀ, 201 ਤਹਿਤ ਦਰਜ ਕੇਸ ਵਿਚ ਧਾਰਾ 414 ਅਤੇ 451 ਤਹਿਤ ਦੋਸ਼ਾਂ ਦਾ ਵਾਧਾ ਕੀਤਾ ਹੈ। ਜਾਂਚ ਟੀਮ ਨੇ ਕੌਮੀ ਕਮੇਟੀ ਮੈਂਬਰ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟਾਂ ਦੀ ਮੰਗ ਕੀਤੀ ਹੈ। ਬੇਅਦਬੀ ਬਾਰੇ ਬਾਦਲਾਂ ਨੇ ਸੱਚ ਛੁਪਾਈ ਰੱਖਿਆ : ਸੁਖਜਿੰਦਰ ਰੰਧਾਵਾ
ਬਠਿੰਡਾ : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਵਾ ਨੇ ਆਖਿਆ ਕਿ ਬੇਅਦਬੀ ਮਾਮਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਬਾਦਲਾਂ ਨੇ ਸੱਚ ਨੂੰ ਛੁਪਾ ਕੇ ਲੋਕਾਂ ਨੂੰ ਧੋਖਾ ਦਿੱਤਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਸੂਰਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵੱਡਾ ਲੀਡਰ ਜਾਂ ਅਧਿਕਾਰੀ ਹੋਵੇ।
ਪੰਜ ਡੇਰਾ ਪ੍ਰੇਮੀਆਂ ਦਾ 20 ਜੁਲਾਈ ਤੱਕ ਜੁਡੀਸ਼ਲ ਰਿਮਾਂਡ
ਫਰੀਦਕੋਟ : ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਨੂੰ ਡਿਊਟੀ ਮੈਜਿਸਟਰੇਟ ਫਰੀਦਕੋਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੇ ਹੋਰ ਪੁਲਿਸ ਰਿਮਾਂਡ ਦੀ ਲੋੜ ਨਹੀਂ ਹੈ। ਜਿਸ ‘ਤੇ ਅਦਾਲਤ ਨੇ ਪੰਜੇ ਮੁਲਜ਼ਮਾਂ ਰਣਦੀਪ ਸਿੰਘ ਉਰਫ਼ ਨੀਲਾ, ਰਣਜੀਤ ਸਿੰਘ ਉਰਫ਼ ਭੋਲਾ, ਬਲਜੀਤ ਸਿੰਘ, ਨਰਿੰਦਰ ਸ਼ਰਮਾ ਤੇ ਨਿਸ਼ਾਨ ਸਿੰਘ ਨੂੰ 20 ਜੁਲਾਈ ਤੱਕ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ।
ਡੇਰਾ ਮੁਖੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਹੋਵੇ : ਜਥੇਦਾਰ
ਤਲਵੰਡੀ ਸਾਬੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਹੈ ਕਿ ਹੁਣ ‘ਸਿੱਟ’ ਰਾਮ ਰਹੀਮ ਨੂੰ ਵਾਰੰਟ ‘ਤੇ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ। ਉਨ੍ਹਾਂ ਕਿਹਾ ਕਿ ਹੁਣ ਤੱਕ ਬੇਅਦਬੀਆਂ ਦੇ ਨਾਮ ‘ਤੇ ਸਿਰਫ਼ ਸਿਆਸਤ ਹੁੰਦੀ ਰਹੀ ਹੈ ਤੇ ਸਿਆਸਤ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ‘ਸਿੱਟ’ ਨੇ ਡੇਰਾ ਸਿਰਸਾ ਮੁਖੀ ਖ਼ਿਲਾਫ਼ ਮਾਮਲਾ ਦਰਜ ਕਰ ਹੀ ਲਿਆ ਹੈ ਤੇ ਉਸ ਖ਼ਿਲਾਫ਼ ਸਬੂਤ ਮਿਲੇ ਹਨ ਤਾਂ ਬਿਨਾ ਦੇਰੀ ਡੇਰਾ ਮੁਖੀ ਨੂੰ ਵਾਰੰਟ ਹਾਸਲ ਕਰਕੇ ਜੇਲ੍ਹ ‘ਚੋਂ ਪੰਜਾਬ ਲਿਆਉਣਾ ਚਾਹੀਦਾ ਹੈ ਤੇ ਸਖ਼ਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …