ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਫਿਲਹਾਲ ਬਚੀ
ਨਵੀਂ ਦਿੱਲੀ : ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਖ਼ਿਲਾਫ਼ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਪਾਇਲਟ ਨੇ ਕਿਹਾ ਕਿ ਉਸ ਕੋਲ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੈ ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਸਰਕਾਰ ਘੱਟਗਿਣਤੀ ਵਿੱਚ ਹੈ। ਅਜਿਹੀ ਚਰਚਾ ਹੈ ਕਿ ਪਾਇਲਟ ਭਾਜਪਾ ਦੇ ઠਸੰਪਰਕ ਵਿੱਚ ਹਨ। ਉਧਰ, ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਇਕ ਟਵੀਟ ਰਾਹੀਂ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ, ‘ਕੀ ਅਸੀਂ ਉਦੋਂ ਨੀਂਦ ਵਿਚੋਂ ਜਾਗਾਂਗੇ ਜਦੋਂ ਕੋਈ ਸਾਡੇ ਤਬੇਲਿਆਂ ਵਿਚੋਂ ਘੋੜੇ ਖੋਲ੍ਹ ਕੇ ਲੈ ਗਿਆ?’ ਖੇਡ ਮੰਤਰੀ ਅਸ਼ੋਕ ਚਾਂਦਨਾ ਨੇ ਪਾਰਟੀ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਮੱਧ ਪ੍ਰਦੇਸ਼ ਦੇ ਘਟਨਾਕ੍ਰਮ ਤੋਂ ਸਬਕ ਲੈਣ, ਜਿੱਥੇ ਜਿਓਤਿਰਾਦਿੱਤਿਆ ਸਿੰਧੀਆ ਨੇ ਪਾਸਾ ਬਦਲ ਲਿਆ ਸੀ। ਚਾਂਦਨਾ ਨੇ ਸਚਿਨ ਪਾਇਲਟ ਦੇ ਅਸਿੱਧੇ ਹਵਾਲੇ ਨਾਲ ਕਿਹਾ, ‘ਜਿਹੜਾ ਵਿਅਕਤੀ ਪਾਰਟੀ ਲਾਈਨ ਨੂੰ ਉਲੰਘਦਾ ਹੈ, ਉਸ ਨੂੰ ਦੁਨੀਆ ਦੇ ਕਿਸੇ ਹਿੱਸੇ ਵਿਚ ਸਤਿਕਾਰ ਨਹੀਂ ਮਿਲਣਾ। ਇਹ ਪੀੜ੍ਹੀਆਂ ਤੋਂ ਕਮਾਏ ਸਤਿਕਾਰ ਨੂੰ ਗੁਆਉਣ ਦਾ ਵੇਲਾ ਨਹੀਂ।’ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਗਹਿਲੋਤ ਨੇ ਲੰਘੇ ਦਿਨੀਂ ਦੋਸ਼ ਲਾਇਆ ਸੀ ਕਿ ਭਾਜਪਾ, ਮੱਧ ਪ੍ਰਦੇਸ਼ ਦੀ ਤਰਜ਼ ‘ਤੇ ਉਨ੍ਹਾਂ ਦੀ ਸਰਕਾਰ ਡੇਗਣ ਲਈ ਚਾਰਾਜੋਈ ਕਰ ਰਹੀ ਹੈ। ਅਸ਼ੋਕ ਗਹਿਲੋਤ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ 25 ਕਰੋੜ ਰੁਪਏ ਤੱਕ ਦੀ ਪੇਸ਼ਕਸ਼ ਕੀਤੀ ਗਈ ਹੈ।
ਸਚਿਨ ਪਾਇਲਟ ਦੀ ਉਪ ਮੁੱਖ ਮੰਤਰੀ ਵਜੋਂ ਛੁੱਟੀ
ਜੈਪੁਰ : ਰਾਜਸਥਾਨ ਵਿੱਚ ਸੱਤਾ ਦੇ ਸੰਘਰਸ਼ ਲਈ ਜਾਰੀ ਸਿਆਸੀ ਖਿੱਚੋਤਾਣ ਦਰਮਿਆਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਖ਼ਿਲਾਫ਼ ਬਗ਼ਾਵਤ ਦਾ ਝੰਡਾ ਚੁੱਕਣ ਵਾਲੇ ਸਚਿਨ ਪਾਇਲਟ ਨੂੰ ਕਾਂਗਰਸ ਪਾਰਟੀ ਨੇ ਉਪ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ। ਇਸ ਦੇ ਨਾਲ ਹੀ ਪਾਇਲਟ ਦੇ ਕਰੀਬੀ ਦੋ ਮੰਤਰੀਆਂ ਵਿਸ਼ਵੇਂਦਰ ਸਿੰਘ ਤੇ ਰਮੇਸ਼ ਮੀਨਾ ਨੂੰ ਵੀ ਸੂਬਾਈ ਕੈਬਨਿਟ ਵਿਚੋਂ ਬਾਹਰ ਦਾ ਰਾਹ ਵਿਖਾ ਦਿੱਤਾ। ਕਾਂਗਰਸ ਨੇ ਪਾਇਲਟ ਨੂੰ ਵਿਧਾਇਕ ਦਲ ਦੀ ਮੀਟਿੰਗ ਲਈ ਜਾਰੀ ਵ੍ਹਿਪ ਦੀ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਹੈ।
ਪਾਇਲਟ ਮੁੱਖ ਮੰਤਰੀ ਗਹਿਲੋਤ ਦਾ ਸਤਾਇਆ ਹੋਇਆ : ਸਿੰਧੀਆ
ਨਵੀਂ ਦਿੱਲੀ: ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਜਿਓਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚਲਾ ਉਨ੍ਹਾਂ ਦਾ ਪੁਰਾਣਾ ਸਾਥੀ ਸਚਿਨ ਪਾਇਲਟ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ‘ਸਤਾਇਆ’ ਹੋਇਆ ਹੈ। ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਿੰਧੀਆ ਨੇ ਇਕ ਟਵੀਟ ਵਿਚ ਕਿਹਾ, ‘ਵੇਖ ਕੇ ਦੁੱਖ ਹੁੰਦਾ ਹੈ ਕਿ ਕਦੇ ਮੇਰੇ ਪੁਰਾਣੇ ਸਾਥੀ ਰਹੇ, ਸਚਿਨ ਪਾਇਲਟ ਨੂੰ ਵੀ ਖੂੰਜੇ ਲਾ ਰੱਖਿਆ ਹੈ। ਉਹ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਦਾ ਸਤਾਇਆ ਹੋਇਆ ਹੈ। ਸਾਫ਼ ਹੈ ਕਿ ਪ੍ਰਤਿਭਾ ਤੇ ਸਮਰੱਥਾ ਦਾ ਕਾਂਗਰਸ ਵਿੱਚ ਕੌਡੀ ਮੁੱਲ ਨਹੀਂ ਪੈਂਦਾ।’
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …