Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਦੀ ‘ਜ਼ੈੱਡ’ ਸੁਰੱਖਿਆ ਬਹਾਲ

ਪ੍ਰਤਾਪ ਸਿੰਘ ਬਾਜਵਾ ਦੀ ‘ਜ਼ੈੱਡ’ ਸੁਰੱਖਿਆ ਬਹਾਲ

Image Courtesy :jagbani(punjabkesar)

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀਆਈਐੱਸਐੱਫ) ਹਵਾਲੇ ਕਰ ਦਿੱਤੀ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਦੇ ਇਸ ਨੇਤਾ ਦੀ ਸੁਰੱਖਿਆ ਲਈ ਕਰੀਬ 25 ਸੁਰੱਖਿਆ ਕਰਮੀ ਤਾਇਨਾਤ ਕੀਤੇ ਹਨ ਤੇ ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੱਧਰ ‘ਤੇ ਹੋਇਆ ਦੱਸਿਆ ਗਿਆ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਪੰਜ ਆਗੂਆਂ ਦੀ ਸੁਰੱਖਿਆ ਵਿਚ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਾਧਾ ਕਰ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਸਮੇਤ ਆਰਐੱਸਐੱਸ ਦੇ ਨੇਤਾਵਾਂ ਨੂੰ ‘ਜ਼ੈੱਡ ਵਰਗ’ ਦੀ ਸੁਰੱਖਿਆ ਦਿੱਤੀ ਗਈ ਹੈ।ઠਪੰਜਾਬ ਵਿੱਚ ਸਿਆਸੀ ਨੇਤਾ, ਆਈਏਐੱਸ/ਆਈਪੀਐੱਸ ਅਧਿਕਾਰੀਆਂ ਅਤੇ ਧਾਰਮਿਕ ਆਗੂਆਂ ਦੀ ਸੁਰੱਖਿਆ ‘ਤੇ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਹੈ। ਸੂਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਪਰਿਵਾਰਕ ਮੈਂਬਰਾਂ ਤੇ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਬਾਦਲ ਪਰਿਵਾਰ ਦੇ ਸਾਰੇ ਮੈਂਬਰਾਂ ਤੇ ਬਿਕਰਮ ਸਿੰਘ ਮਜੀਠੀਆ ਨੂੰ ਜ਼ੈੱਡ ਪਲੱਸ ਤੇ ਜ਼ੈੱਡ ਵਰਗ ਦੀ ਸੁਰੱਖਿਆ ਦਿੱਤੀ ਹੋਈ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਈ ਪਰਿਵਾਰਕ ਮੈਂਬਰਾਂ, ਕਾਂਗਰਸ ਨੇਤਾ ਹਰਮਿੰਦਰ ਸਿੰਘ ਜੱਸੀ, ਪਰਮਿੰਦਰ ਪਿੰਕੀ, ਰਵੀਕਰਨ ਸਿੰਘ ਕਾਹਲੋਂ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਤਿੰਨ ਸਾਬਕਾ ਡੀਜੀਪੀ ਅਜਿਹੇ ਵਿਅਕਤੀ ਵਿਸ਼ੇਸ਼ ਹਨ, ਜਿਨ੍ਹਾਂ ਨੂੰ ਵਧੇਰੇ ਸੁਰੱਖਿਆ ਦਿੱਤੀ ਹੋਈ ਹੈ। ਦੋ ਤੋਂ ਪੰਜ ਗੰਨਮੈਨਾਂ ਵਾਲਿਆਂ ਦੀ ਗਿਣਤੀ ਤਾਂ ਸੈਂਕੜਿਆਂ ਵਿੱਚ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਕਾਂਗਰਸ ਦੇ ਸੀਨੀਅਰ ਨੇਤਾ ਨੂੰ ਦਿੱਤੀ ਸੁਰੱਖਿਆ ਦਾ ਮਾਮਲਾ ਸਿਆਸੀ ਪੱਖ ਤੋਂ ਵੀ ਦੇਖਿਆ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ ਕਈ ਸਾਲਾਂ ਤੋਂ ਆਰ.ਐੱਸ.ਐੱਸ. ਨੇਤਾਵਾਂ ਦੀਆਂ ਗਤੀਵਿਧੀਆਂ ਵੀ ਵਧੀਆਂ ਹੋਈਆਂ ਹਨ।
ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਆਰ.ਐੱਸ.ਐੱਸ. ਦੇ ਨੇਤਾ ਕਿਉਂਕਿ ਅੱਤਵਾਦੀਆਂ ਦੀ ਹਿੱਟ-ਲਿਸਟ ‘ਤੇ ਰਹਿੰਦੇ ਹਨ, ਜਿਸ ਲਈ ਜਨਸੰਘੀਆਂ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ ਤੇ ਸੂਬਾਈ ਪੁਲਿਸ ਵੱਲੋਂ ਵੀ ਆਰ.ਐੱਸ.ਐੱਸ. ਦੇ ਕਈ ਨੇਤਾਵਾਂ ਨੂੰ ਸੁਰੱਖਿਆ ਦਿੱਤੀ ਹੋਈ ਹੈ।
ਮੋਦੀ ਸਰਕਾਰ ਦੀ ‘ਦਰਿਆਦਿਲੀ’ ਦੀ ਸਿਆਸੀ ਹਲਕਿਆਂ ਵਿਚ ਚਰਚਾ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿਖਾਈ ਦਰਿਆਦਿਲੀ ਸੂਬੇ ਦੇ ਰਾਜਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੂਜੀ ਵਾਰੀ ਐੱਨ.ਡੀ.ਏ. ਸਰਕਾਰ ਬਣਨ ਤੋਂ ਬਾਅਦ ਬਾਜਵਾ ਸਮੇਤ ਕਾਂਗਰਸ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਕਈ ਨੇਤਾਵਾਂ ਦੀ ਸੁਰੱਖਿਆ ਵਿੱਚ ਜਾਂ ਤਾਂ ਕਟੌਤੀ ਕਰ ਦਿੱਤੀ ਗਈ ਸੀ ਤੇ ਜਾਂ ਫਿਰ ਸੁਰੱਖਿਆ ਵਾਪਸ ਲੈ ਲਈ ਗਈ ਸੀ। ਬਾਜਵਾ ਨੂੰ ਕਾਂਗਰਸ ਸਰਕਾਰ ਦੇ ਸਮੇਂ ਮਿਲੀ ਸੁਰੱਖਿਆ ਵੀ ਜੁਲਾਈ 2019 ਵਿੱਚ ਵਾਪਸ ਲੈ ਲਈ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਸਾਲ ਦੇ ਵਕਫ਼ੇ ਬਾਅਦ ਪੰਜਾਬ ਦੇ ਕਾਂਗਰਸੀ ਨੇਤਾ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਹਾਲਾਂਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸੁਰੱਖਿਆ ਦੇ ਮਾਮਲੇ ਵਿੱਚ ਲਗਾਤਾਰ ਸਮੀਖਿਆ ਕੀਤੀ ਜਾਂਦੀ ਹੈ ਤੇ ਸੁਰੱਖਿਆ ਵਧਾਉਣ, ਵਾਪਸ ਲੈਣ ਜਾਂ ਘੱਟ ਕਰਨ ਬਾਰੇ ਫ਼ੈਸਲੇ ਅਕਸਰ ਲਏ ਜਾਂਦੇ ਹੈ ਤੇ ਇਹ ਫ਼ੈਸਲਾ ਵੀ ਇਸੇ ਦਿਸ਼ਾ ਵਿਚ ਹੈ।

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …