ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦੇਣਾ ਚਾਹੀਦਾ : ਸਤਵੰਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਲਗਪਗ ਸਾਢੇ ਤਿੰਨ ਮਹੀਨਿਆਂ ਬਾਅਦ ਖੋਲ੍ਹੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 29 ਜੂਨ ਤੋਂ ਬਾਅਦ ਔਸਤਨ ਵੱਧ ਤੋਂ ਵੱਧ 10-15 ਪਾਕਿਸਤਾਨੀ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਹਿੱਤ ਪਹੁੰਚ ਰਹੇ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਬਾਰੇ ਦੱਸਿਆ ਕਿ ਲਾਂਘਾ ਖੁੱਲ੍ਹਣ ਤੋਂ ਬਾਅਦ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਰੇਲ ਹਾਦਸਾ ਹੋਣ ਕਰਕੇ ਪਾਕਿ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਹੀਂ ਪਹੁੰਚ ਰਹੇ ਹਨ। ਹਾਲਾਂਕਿ ਗੁਰਦੁਆਰਾ ਸਾਹਿਬ ਵਿਚ ਸੰਗਤ ਦੇ ਵੱਡੀ ਗਿਣਤੀ ‘ਚ ਨਾ ਪਹੁੰਚਣ ਦਾ ਅਸਲ ਕਾਰਨ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਅਤੇ ਆਸੇ-ਪਾਸੇ ਲਗਾਏ ਗਏ ਸੰਗਮਰਮਰ ਦੀ ਤਪਸ਼ ਦੱਸਿਆ ਜਾ ਰਿਹਾ ਹੈ। ਇਸ ਤਪਸ਼ ਕਾਰਨ ਯਾਤਰੂ ਉੱਥੇ ਜਾਣ ਵਿਚ ਘਬਰਾਹਟ ਮਹਿਸੂਸ ਕਰ ਰਹੇ ਹਨ ਅਤੇ ਫਿਲਹਾਲ ਅਗਾਂਹ ਆਉਣ ਵਾਲੇ ਬਰਸਾਤਾਂ ਦੇ ਦਿਨਾਂ ਵਿਚ ਵੀ ਬਹੁਤੇ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਹੀਂ ਪਹੁੰਚ ਸਕਣਗੇ। ਸਤਵੰਤ ਸਿੰਘ ਨੇ ਦੱਸਿਆ ਕਿ ਕੋਵਿਡ ਹੈਲਥ ਸੇਫ਼ਟੀ ਪ੍ਰੋਟੋਕਾਲ ਦੇ ਤਹਿਤ ਮੌਜੂਦਾ ਕੋਰੋਨਾ ਵਾਇਰਸ ਸੰਕਟ ਦੌਰਾਨ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਬਾਵਜੂਦ ਭਾਰਤ ਤਰਫ਼ੋਂ ਪ੍ਰਤੀ ਦਿਨ ਵੱਧ ਤੋਂ ਵੱਧ 200 ਯਾਤਰੂਆਂ ਨੂੰ ਹੀ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਸਿੱਖ ਭਾਈਚਾਰੇ ਲਈ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਭਾਵ ਤਿੰਨ ਦਿਨ ਰਾਖਵੇਂ ਰੱਖੇ ਗਏ ਹਨ, ਜਦਕਿ ਹਫ਼ਤੇ ਦੇ ਬਾਕੀ ਚਾਰ ਦਿਨ, ਵੀਰਵਾਰ, ਸ਼ੁੱਕਰਵਾਰ, ਸਨਿੱਚਰਵਾਰ ਅਤੇ ਐਤਵਾਰ ਭਾਰਤੀ ਯਾਤਰੂ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਸਕਣਗੇ।
ਉਨ੍ਹਾਂ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਸੰਗਤ ਦੇ ਦਰਸ਼ਨਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ, ਕਿਉਂਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖਾਂ ਦਾ ਮੱਕਾ ਹੈ ਅਤੇ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …