
ਰਾਜ ਕੁਮਾਰ ਵੇਰਕਾ ਨੇ ਕਿਹਾ – ਅਕਾਲੀ ਸਰਕਾਰ ਸਮੇਂ ਸਰਕਾਰੀ ਕਰਮਚਾਰੀਆਂ ਨੂੰ ਵੀ ਲੱਗੀਆਂ ਬੁਢਾਪਾ ਪੈਨਸ਼ਨਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 70, 137 ਆਯੋਗ ਵਿਅਕਤੀ ਬੁਢਾਪਾ ਪੈਨਸ਼ਨਾਂ ਲੈ ਰਹੇ ਹਨ। ਸੂਬਾ ਸਰਕਾਰ ਨੇ ਹੁਣ ਇਨ੍ਹਾਂ ਆਯੋਗ ਵਿਅਕਤੀਆਂ ਨੂੰ ਦਿੱਤੀਆਂ ਪੈਨਸ਼ਨਾਂ ਵਾਪਸ ਲੈਣ ਦਾ ਫੈਸਲਾ ਲਿਆ ਹੈ, ਜੋ ਕਿ 1 ਅਰਬ 62 ਕਰੋੜ ਰੁਪਇਆ ਬਣਦਾ ਹੈ। ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਪੈਨਸ਼ਨ ਘੁਟਾਲਾ ਹੋਇਆ ਹੈ, ਜਿਸ ਵਿੱਚ ਉਨ੍ਹਾਂ ਲੋਕਾਂ ਦੀ ਪੈਨਸ਼ਨ ਲਾਈ ਗਈ ਜਿਨ੍ਹਾਂ ਨੂੰ ਜ਼ਰੂਰਤ ਹੀ ਨਹੀਂ ਸੀ ਅਤੇ ਸਰਕਾਰੀ ਕਰਮਚਾਰੀਆਂ ਨੂੰ ਵੀ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ 1 ਅਰਬ 62 ਕਰੋੜ ਰੁਪਇਆ ਇਨ੍ਹਾਂ ਸਾਰਿਆਂ ਤੋਂ ਵਾਪਸ ਲਿਆ ਜਾਵੇਗਾ ਤੇ ਗਲਤ ਪੈਨਸ਼ਨ ਲਾਉਣ ਵਾਲੇ ਅਧਿਕਾਰੀਆਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ। ਵਿਭਾਗ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਅਯੋਗ ਲਾਭਪਾਤਰੀਆਂ ਤੋਂ ਪੈਸੇ ਵਾਪਸ ਲਏ ਜਾਣ। ਇਸੇ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਨੁਸੂਚਿਤ ਜਾਤੀ ਦੇ ਗਲਤ ਸਰਟੀਫਿਕੇਟ ਬਣਾ ਕੇ ਫਾਇਦੇ ਲਏ ਹੋਏ ਹਨ, ਉਨ੍ਹਾਂ ‘ਤੇ ਵੀ ਕਾਰਵਾਈ ਹੋਣ ਦੀ ਤਿਆਰੀ ਹੈ।
ਉਧਰ ਦੂਜੇ ਪਾਸੇ ਸ਼੍ਰੋਮਣੀ ઠਅਕਾਲੀ ਦਲ ਨੇ ਬੁਢਾਪਾ ਪੈਨਸ਼ਨ ਦੀ ਸੂਚੀ ਵਿਚੋਂ 70 ਹਜ਼ਾਰ ਲਾਭਪਾਤਰੀਆਂ ਨੂੰ ઠਹਟਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਦੇ ਇਸ ਕਦਮ ਨੂੰ ਮਹਾਂਮਾਰੀ ਦੌਰਾਨ ਚੁੱਕਿਆ ਗਿਆ ਮਨੁੱਖਤਾ ਵਿਰੋਧੀ ਕਦਮ ਕਰਾਰ ਦਿੱਤਾ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।