
ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਦੇ ਗੰਭੀਰ ਮਰੀਜ਼ਾਂ ਦਾ ਹੋਵੇਗਾ ਇਲਾਜ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਅਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਸੂਬੇ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ ਕੀਤਾ। ਇਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ ਜਾਵੇਗਾ। ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਪੰਜਾਬ ਦੇ ਇਸ ਪਲੇਠੇ ਪਲਾਜ਼ਮਾ ਬੈਂਕ ਨੂੰ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਪਰਨੀਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੀ ਜੰਗ ਜਿੱਤ ਚੁੱਕੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਮਰੀਜ਼ਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਆਪਣਾ ਪਲਾਜ਼ਮਾ ਦਾਨ ਕਰਨ।