Breaking News
Home / ਦੁਨੀਆ / ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਾ ਗ੍ਰਿਫ਼ਤਾਰ

ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੀ ਨੀਅਤ ਰੱਖਣ ਵਾਲੇ ਸੋਹੇਲ ਬੱਟ ਨੂੰ ਓਕਾਫ਼ ਬੋਰਡ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੋਹੇਲ ਵੱਲੋਂ ਸਿੱਖਾਂ ਨੂੰ ਉਲਟਾ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਪਾਕਿਸਤਾਨ ਅੰਦਰ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਜਿਨ੍ਹਾਂ ਨਾਲ ਪੂਰੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਇਤਿਹਾਸਕ ਅਸਥਾਨਾਂ ਵਿੱਚੋਂ ਹੀ ਇਕ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ। ਭਾਈ ਤਾਰੂ ਸਿੰਘ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ। ਇਸ ਸ਼ਹੀਦ ਦੇ ਅਸਥਾਨ ਨੂੰ ਕੁਝ ਲੋਕਾਂ ਵੱਲੋਂ ਆਪਣੇ ਕਬਜ਼ੇ ਵਿਚ ਲੈਣ ਦੀ ਕਾਰਵਾਈ ਨੂੰ ਵੇਖਦਿਆਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਸੀ। ਦੇਸ਼ ਤੇ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਦੇ ਰੋਸ ਨੂੰ ਦੇਖਦਿਆਂ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕਬਜ਼ਾ ਛੁਡਵਾਉਣ ਲਈ ਅਪੀਲ ਕੀਤੀ ਗਈ ਸੀ ਜਿਸ ਪਿੱਛੋਂ ਓਕਾਫ਼ ਬੋਰਡ ਨੂੰ ਇਸ ਵਿਚ ਦਖਲ ਦੇਣਾ ਪਿਆ।
ਐਸਜੀਪੀਸੀ ਵਲੋਂ ਭਾਰਤ ਤੇ ਪਾਕਿ ਸਰਕਾਰਾਂ ਨੂੰ ਅਪੀਲ
ਅੰਮ੍ਰਿਤਸਰ : ਲਾਹੌਰ ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧੀ ਵਿਦੇਸ਼ ਮੰਤਰਾਲੇ ਰਾਹੀਂ ਗੁਆਂਢੀ ਮੁਲਕ ਨਾਲ ਗੱਲਬਾਤ ਕਰੇ। ਕਈ ਹੋਰ ਸਿੱਖ ਜਥੇਬੰਦੀਆਂ ਨੇ ਵੀ ਨਾਜਾਇਜ਼ ਕਬਜ਼ੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰੇ ਹਨ, ਜਿਨ੍ਹਾਂ ਨਾਲ ਸਮੁੱਚੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿੱਚੋਂ ਹੀ ਇਕ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ, ਜਿਨ੍ਹਾਂ ਨੇ ਹੱਕ-ਸੱਚ ਲਈ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦੀ ਅਸਥਾਨ ‘ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਮਾਮਲੇ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਵਲੋਂ ਵਿਦੇਸ਼ ਮੰਤਰੀ ਨੂੰ ਕਾਰਵਾਈ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰਾਲੇ ਨੂੰ ਲਾਹੌਰ ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਭਾਰਤ ਸਰਕਾਰ ਵਲੋਂ ਪਾਕਿ ਸਰਕਾਰ ਕੋਲ ਸਖ਼ਤ ਰੋਸ ਦਰਜ ਕਰਵਾਇਆ ਜਾਵੇ। ਉਨ੍ਹਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੇ ਅਸਥਾਨ ‘ਤੇ ਕਬਜ਼ਾ ਕਰਨ ਵਾਲਿਆਂ ਦੀ ਨਿੰਦਾ ਕੀਤੀ ਹੈ।
ਸ਼ਹੀਦੀ ਅਸਥਾਨ ਨੂੰ ਮਸਜਿਦ ‘ਚ ਬਦਲਣ ਦੇ ਯਤਨਾਂ ਦੀ ਸੁਖਬੀਰ ਵੱਲੋਂ ਨਿਖੇਧੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਲਾਹੌਰ ਸਥਿਤ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਬਦਲਣ ਦੇ ਯਤਨਾਂ ਦੀ ਬਹੁਤ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਪਵਿੱਤਰ ਅਸਥਾਨ ਦਾ ਸਰੂਪ ਕਿਸੇ ਵੀ ਤਰੀਕੇ ਬਦਲਿਆ ਨਾ ਜਾਵੇ।

Check Also

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ …