6.9 C
Toronto
Friday, November 7, 2025
spot_img
Homeਪੰਜਾਬਦੇਸ਼ ਵਿਰੋਧੀ ਤਾਕਤਾਂ ਖਿਲਾਫ ਚੁੱਕਾਂਗੇ ਲੋੜੀਂਦੇ ਕਦਮ

ਦੇਸ਼ ਵਿਰੋਧੀ ਤਾਕਤਾਂ ਖਿਲਾਫ ਚੁੱਕਾਂਗੇ ਲੋੜੀਂਦੇ ਕਦਮ

Image Courtesy :jagbani(punjabkesar)

ਸੁਖਬੀਰ ਨੌਜਵਾਨਾਂ ਨੂੰ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਾਉਣ ਤੋਂ ਗੁਰੇਜ਼ ਕਰਨ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਸਾਡੀ ਸਰਕਾਰ ਪੰਜਾਬ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਹਰ ਢੁੱਕਵਾਂ ਕਦਮ ਉਠਾਏਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਕੈਪਟਨ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂਏਪੀਏ ਤਹਿਤ ਪੰਜਾਬ ਪੁਲਿਸ ਵਲੋਂ ਗਲਤ ਢੰਗ ਨਾਲ ਕਿਸੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿਚ ਹੈ ਤਾਂ ਉਹ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ‘ਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਇਸ ਐਕਟ ਤਹਿਤ ਪੰਜਾਬ ਵਿਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 2010 ਵਿਚ 19 ਅਤੇ 2017 ਵਿਚ 12 ਮਾਮਲੇ ਦਰਜ ਹੋਏ ਸਨ। ਇਨ੍ਹਾਂ ਮਾਮਲਿਆਂ ਵਿਚ ਗ੍ਰਿਫਤਾਰ ਕੀਤੇ 225 ਵਿਅਕਤੀਆਂ ਵਿਚੋਂ 120 ਨੂੰ ਬਰੀ ਕਰ ਦਿੱਤਾ ਗਿਆ ਹੈ, ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਾਲੇ ਦੌਰ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੀ ਪੁਲਿਸ ਸ਼ਿਕੰਜਾ ਕੱਸ ਰਹੀ ਹੈ। ਇਥੋਂ ਤੱਕ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮ ਖਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਮੁਹਿੰਮ ਚਲਾਈ ਹੈ।

RELATED ARTICLES
POPULAR POSTS