ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ
ਜਲੰਧਰ : ਵਿਧਾਇਕ ਪਰਗਟ ਸਿੰਘ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਨਿਬੇੜੇ ਜਾਣ ਲਈ ਕਿਹਾ ਹੈ।
ઠ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਪਰਗਟ ਸਿੰਘ ਨੇ ਜਿਥੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਲਈ ਬਾਦਲ ਪਰਿਵਾਰ ਤੇ ਉਨ੍ਹਾਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਸਾਡੀ ਸਰਕਾਰ ਬਣੀ ਨੂੰ ਵੀ ਸਾਢੇ ਤਿੰਨ ਸਾਲ ਹੋ ਗਏ ਨੇ ਤਾਂ ਸਾਡੀ ਸਰਕਾਰ ਨੂੰ ਬੇਅਦਬੀ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਫਾਇਰਿੰਗ ਵਾਲੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਬੇੜਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੇ ਜੀ ਜਾਨ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਤੁਹਾਡੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੋਇਆ ਹੈ।ઠ
ਮੁੱਖ ਮੰਤਰੀ ਨੂੰ ਸੰਬੋਧਿਤ ਹੁੰਦਿਆਂ ਪਰਗਟ ਸਿੰਘ ਨੇ ਲਿਖਿਆ ਹੈ ਕਿ ਹੁਣ ਜਦਕਿ 2015 ਦੇ ਬਰਗਾੜੀ ਬੇਅਦਬੀ ਕੇਸ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਾਫੀ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ ਤਾਂ 2007 ਦੇ ਗੁਰੂ ਗੋਬਿੰਦ ਸਿੰਘ ਜੀ ਦੇ ਸਵਾਂਗ ਰਚਣ ਵਾਲੇ ਮਾਮਲੇ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਅਸਲ ਵਿੱਚ ਇਹ ਕੇਸ ਇਕ ਉਦਾਹਰਣ ਹੈ ਕਿ ਜੇ ਕੋਈ ਸਰਕਾਰ ਅਤੇ ਰਾਜਨੀਤਕ ਪਾਰਟੀ ਆਪਣੇ ਸੌੜੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਜਦੋਂ ਇਕ ਬੇਹੱਦ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਕੇਸ ਵਿੱਚ ਕਿਸੇ ਦੋਸ਼ੀ ਨਾਲ ਸੌਦੇਬਾਜ਼ੀਆਂ ਕਰਨ ਲੱਗ ਜਾਵੇ ਤਾਂ ਉਸ ਦੇ ਨਤੀਜੇ ਭਿਆਨਕ ਨਿਕਲ ਸਕਦੇ ਹਨ। ਜੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਡੇਰਾ ਮੁਖੀ ਖਿਲਾਫ 2007 ਦੇ ਸਵਾਂਗ ਵਾਲੇ ਕੇਸ ਵਿਚ ਠੀਕ ਕਾਰਵਾਈ ਕੀਤੀ ਹੁੰਦੀ ਤੇ ਨੇਕ ਨੀਅਤ ਨਾਲ ਕੇਸ ਨੂੰ ਸਿਰੇ ਲਾਇਆ ਹੁੰਦਾ ਤਾਂ ਉਸ ਦੀ ਅਤੇ ਉਸ ਦੇ ਚੇਲਿਆਂ ਦੀ 2015 ਵਿੱਚ ਬੇਅਦਬੀ ਦੀ ਬੇਹੱਦ ਦੁਖਦਾਈ ਅਤੇ ਖਤਰਨਾਕ ਘਟਨਾਵਾਂ ਨੂੰ ਅੰਜਾਮ ਦੇਣ ਦੀ ਜੁਅੱਰਤ ਵੀ ਨਹੀਂ ਸੀ ਪੈਣੀ। ਬਾਦਲ ਸਰਕਾਰ ਦੇ ਰਹਿੰਦਿਆਂ ਕਿਸੇ ਨੇ ਡੇਰਾ ਮੁਖੀ ਜਾਂ ਉਸਦੇ ਚੇਲਿਆਂ ਨੂੰ ਕੇਸ ਵਿੱਚ ਹੱਥ ਲਾਉਣਾ ਤਾਂ ਦੂਰ, ਦੀ ਗੱਲ ਸਰਕਾਰੀ ਧਿਰ ਨੇ ਉਨ੍ਹਾਂ ਵੱਲ ਧਿਆਨ ਵੀ ਕੇਂਦਰਿਤ ਨਹੀਂ ਕੀਤਾ, ਜਦਕਿ ਆਪਣੇ ਗੁਰੂ ਦੀ ਹੋਈ ਬੇਅਦਬੀ ਲਈ ਇਨਸਾਫ ਮੰਗ ਰਹੇ ਸਿੱਖਾਂ ਤੇ ਸਿੱਧੀਆਂ ਗੋਲੀਆਂ ਚਲਾਈਆਂ ਸਨ।
ਬੇਅਦਬੀ ਦੇ ਦੋਸ਼ੀ ਲੱਭਣ ਦੇ ਨਾਂ ‘ਤੇ ਸਿੱਖਾਂ ‘ਤੇ ਹੀ ਅਥਾਹ ਤਸ਼ੱਦਦ ਕੀਤਾ ਗਿਆ। ਹੁਣ ਜਦਕਿ ਇਹ ਜ਼ਾਹਿਰ ਹੈ ਕਿ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੜ੍ਹ 2007 ਸਵਾਂਗ ਰਚਣ ਵਾਲੇ ਕੇਸ ਵਿੱਚ ਸਰਕਾਰ ਦੀ ਅਪਰਾਧਿਕ ਕੁਤਾਹੀ ਵਿੱਚ ਹੈ ਤੇ 2014 ਵਿੱਚ ਪਿਛਲੀ ਬਾਦਲ ਸਰਕਾਰ ਨੇ ਇਸ ਕੇਸ ਨੂੰ ਮੁਕਾਉਣ ਵਿੱਚ ਆਪਣਾ ਪੂਰਾ ਹਿੱਸਾ ਪਾਇਆ ਸੀ ਤਾਂ ਇਹ ਜ਼ਰੂਰੀ ਹੈ ਕਿ ਆਪ ਜੀ ਦੀ ਸਰਕਾਰ ਇਸ ਨੂੰ ਦੁਬਾਰਾ ਚਲਾਉਣ ਲਈ ਚਾਰਾਜੋਈ ਕਰੇ।ઠ
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …