ਕਿਸਾਨਾਂ ਨੇ ਬਾਦਲਾਂ ਨੂੰ ਕਿਹਾ – ਭਾਜਪਾ ਨਾਲੋਂ ਨਾਤਾ ਤੋੜੋ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਐਕਟ-2020 ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਵਿਚ ਵਾਧੇ ਨੂੰ ਵਾਪਸ ਲੈਣ ਅਤੇ ਜੇਲ੍ਹ ਵਿਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਸੂਬੇ ਦੇ 21 ਜ਼ਿਲ੍ਹਿਆਂ ਵਿਚ ਟਰੈਕਟਰ ਮਾਰਚ ਕੀਤੇ। ਦਸ ਹਜ਼ਾਰ ਤੋਂ ਵੱਧ ਟਰੈਕਟਰਾਂ ਰਾਹੀਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਗੱਠਜੋੜ ਦੇ ਹੋਰ ਪ੍ਰਮੁੱਖ ਆਗੂਆਂ ਦੀਆਂ ਕੋਠੀਆਂ ਅਤੇ ਦਫ਼ਤਰਾਂ ਦੇ ਘਿਰਾਓ ਵੀ ਕੀਤੇ। ਇਸ ਦੌਰਾਨ ਕੈਪਟਨ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ ਗਿਆ।
ਆਪਣੇ ਸੰਬੋਧਨਾਂ ਦੌਰਾਨ ਕਿਸਾਨ ਆਗੂਆਂ ਨੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਐਕਟ 2020 ਨੂੰ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਆਰਡੀਨੈਂਸ ਰੱਦ ਨਾ ਕਰਨ ਦੀ ਸੂਰਤ ਵਿਚ ਕਿਸਾਨਾਂ ਵੱਲੋਂ ‘ਕਰੋ ਜਾਂ ਮਰੋ’ ਦੀ ਨੀਤੀ ਤਹਿਤ ਤਿੱਖੇ ਘੋਲ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਗਈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਬਾਦਲਾਂ ਨੂੰ ਭਾਜਪਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੂਬਾਈ ਕਨਵੀਨਰ ਡਾ. ਦਰਸ਼ਨਪਾਲ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਗੋਬਿੰਦ ਸਿੰਘ ਲੌਂਗੋਵਾਲ, ਸੋਮ ਪ੍ਰਕਾਸ਼, ਸ਼ਵੇਤ ਮਲਿਕ, ਵਿਜੈ ਸਾਂਪਲਾ, ਸੁਰਜੀਤ ਜਿਆਣੀ, ਸੁਖਪਾਲ ਨੰਨੂ, ਵਿਜੈ ਪੁਰੀ, ਸਿਕੰਦਰ ਸਿੰਘ ਮਲੂਕਾ, ਆਦੇਸ਼ ਪ੍ਰਤਾਪ ਕੈਰੋਂ, ਬਲਵਿੰਦਰ ਭੂੰਦੜ, ਸੁਰਜੀਤ ਰੱਖੜਾ, ਮਨਤਾਰ ਬਰਾੜ, ਬੰਟੀ ਰੋਮਾਣਾ, ਜਨਮੇਜਾ ਸਿੰਘ ਸੇਖੋਂ, ਹਰੀ ਸਿੰਘ ਜ਼ੀਰਾ, ਇਕਬਾਲ ਸਿੰਘ ਲਾਲਪੁਰਾ, ਤੋਤਾ ਸਿੰਘ, ਸੁਖਵਿੰਦਰ ਸੁੱਖੀ, ਮਨਪ੍ਰੀਤ ਇਆਲੀ, ਬਲਵੀਰ ਸਿੰਘ ਘੁੰਨਸ, ਅਮਰਪਾਲ ਸਿੰਘ ਬੋਨੀ ਆਦਿ ਆਗੂਆਂ ਦੇ ਦਫ਼ਤਰਾਂ ਅਤੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ। ਉਧਰ ਕਿਸਾਨ ਨੇਤਾ ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਜਾ ਰਹੇ ਕਾਫਲੇ ਨੂੰ ਪੁਲਿਸ ਨੇ ਬਾਦਲ ਪਿੰਡ ਤੋਂ ਕੁਝ ਕਿਲੋਮੀਟਰ ਪਿਛਾਂਹ ਕਾਲਝਰਾਨੀ ਵਿਚ ਹੀ ਰੋਕ ਲਿਆ ਤੇ ਕਿਸਾਨਾਂ ਨੇ ਉਥੇ ਹੀ ਰੋਸ ਮੁਜ਼ਾਹਰਾ ਕਰਦਿਆਂ ਐਲਾਨ ਕੀਤਾ ਕਿ ਜੇ ਬਾਦਲਾਂ ਨੇ ਭਾਜਪਾ ਨਾਲ ਸਾਂਝ ਭਿਆਲੀ ਜਾਰੀ ਰੱਖੀ, ਤਾਂ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਪੱਕੇ ਤੌਰ ‘ਤੇ ਘਿਰਾਓ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਖੇਤੀ ਆਰਡੀਨੈਂਸਾਂ ਰਾਹੀਂ ਘੱਟੋ-ਘੱਟ ਸਮਰਥਨ ਮੁੱਲ ਵੀ ਖਤਮ ਕਰੇਗੀ ਅਤੇ ਪੰਜ ਏਕੜ ਤੋਂ ਘੱਟ ਵਾਲੀ (85 ਫੀਸਦੀ) ਕਿਸਾਨੀ ਖੇਤੀ ਕਿੱਤੇ ਵਿਚੋਂ ਬਾਹਰ ਹੋ ਜਾਵੇਗੀ। ਭਾਰਤ ਵਿਚ ਫਸਲਾਂ ਦਾ ਮੁੱਲ ਜ਼ਿਆਦਾ ਹੋਣ ਦੇ ਦਿੱਤੇ ਗਏ ਬਿਆਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਆੜੇ ਹੱਥੀਂ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੰਬੋਧਿਤ ਮੁੱਖ ਮੰਗਾਂ ਵਾਲੇ ਦੋ ਵੱਖ-ਵੱਖ ਮੰਗ ਪੱਤਰ ਕੇਂਦਰੀ ਆਗੂਆਂ ਅਤੇ ਅਧਿਕਾਰੀਆਂ ਨੂੰ ਸੌਂਪੇ ਗਏ।
ਥਾਂ-ਥਾਂ ਮਤੇ ਪਾਸ ਕਰਕੇ ਵਰਵਰਾ ਰਾਓ ਤੇ ਅਨੰਦ ਤੈਲਤੁੰਬੜੇ ਸਮੇਤ ਹੋਰ ਬੁੱਧੀਜੀਵੀਆਂ ਖਿਲਾਫ਼ ਦਰਜ ਝੂਠੇ ਕੇਸ ਵਾਪਸ ਲੈ ਕੇ ਸਾਰੇ ਨਜ਼ਰਬੰਦਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਕਿਸਾਨਾਂ ਦੇ ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਸਾਰੇ ਹੀ ਪ੍ਰਦਰਸ਼ਨਕਾਰੀਆਂ ਨੇ ਕਰੋਨਾ ਸਾਵਧਾਨੀਆਂ ਵਰਤੀਆਂ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …