ਸਾਥੀਆਂ ਸਮੇਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਕਬੂਲੀ
ਜਲੰਧਰ/ਬਿਊਰੋ ਨਿਊਜ਼
ਯੂਨਾਇਟਿਡ ਅਕਾਲੀ ਦਲ ਦਾ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ ਹੈ। ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ‘ਚ ਆਯੋਜਿਤ ਸਮਾਗਮ ਦੌਰਾਨ ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਪਾਰਟੀ ਵਿਚ ਰਲਣ ਦਾ ਐਲਾਨ ਕੀਤਾ। ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਅਤੇ ਫਿਰ ਪੰਜਾਬ ਹੈ। ਉਸ ਤੋਂ ਬਾਅਦ ਪਾਰਟੀ ਅਤੇ ਰਾਜਨੀਤੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ ਅਤੇ ਹੁਣ ਸਿੱਖ ਪੰਥ ਨੂੰ ਬਚਾਉਣ ਦੀ ਲੜਾਈ ਲੜਨੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਸਾਥ ਛੱਡਣ ਵਿਚ ਦੇਰੀ ਜ਼ਰੂਰ ਹੋਈ ਹੈ ਪਰ ਉਹ ਬਿਨਾ ਦਾਗ ਦੇ ਬਾਹਰ ਆਏ ਹਨ ਅਤੇ ਹੁਣ ਪੰਜਾਬ ਦੇ ਹਿੱਤਾਂ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜੀ ਜਾਏਗੀ।
ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਸ ਵਿਚ ਬਾਦਲ ਪਰਿਵਾਰ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੰਗਤ ਮਾਫ਼ ਨਹੀਂ ਕਰੇਗੀ ਅਤੇ ਬਾਦਲ ਪਰਿਵਾਰ ਦਾ ਜੋ ਹਾਲ ਹੋ ਰਿਹਾ ਹੈ, ਉਸ ਕਿਸੇ ਤੋਂ ਲੁਕਿਆ ਨਹੀਂ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਹਨ। ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣਾ ਚਾਹੀਦਾ ਹੈ। ਇਸ ਲਈ ਪ੍ਰਧਾਨ ਮੰਤਰੀ ਦੇ ਨਾਮ ਪੱਤਰ ਵੀ ਲਿਖਿਆ ਹੈ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਦੇ ਹਿੱਤ ਹਨ। ਨਾ ਤਾਂ ਉਹ ਕਿਸੇ ਅਹੁਦੇ ਦੀ ਇੱਛਾ ਰੱਖਦੇ ਹਨ ਅਤੇ ਨਾ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ ਕਿ ਜੇ ਉਨ੍ਹਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮੁੱਖ ਮੰਤਰੀ ਨਹੀਂ ਬਣਨਗੇ।
ਸ਼੍ਰੋਮਣੀ ਕਮੇਟੀ ਚੋਣ ‘ਚ ਹਿੱਸਾ ਲੈਣ ਵਾਲਾ ਆਗੂ ਨਹੀਂ ਲੜ ਸਕੇਗਾ ਸਿਆਸੀ ਚੋਣ
ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖਰਾ ਧਾਰਮਿਕ ਵਿੰਗ ਬਣਾਇਆ ਜਾਵੇਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਵਾਲਾ ਕੋਈ ਵੀ ਆਗੂ ਕਿਸੇ ਵੀ ਸਿਆਸੀ ਚੋਣ ਵਿਚ ਹਿੱਸਾ ਨਹੀਂ ਲੈ ਸਕੇਗਾ ਤੇ ਉਸ ਨੂੰ ਹੋਰ ਕੋਈ ਸਿਆਸੀ ਅਹੁਦਾ ਵੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਿਰੋਲ ਧਾਰਮਿਕ ਸੰਸਥਾ ਦੇ ਤੌਰ ‘ਤੇ ਕੰਮ ਕਰੇਗੀ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …