ਕੈਪਟਨ ਨੇ ਕੋਵਿਡ ਰਾਹਤ ਫੰਡ ‘ਤੇ ਘਟੀਆ ਸਿਆਸਤ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦਾ ਵੀ ਐਲਾਨ ਕੀਤਾ ਗਿਆ ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਕੋਵਿਡ ਸੰਕਟ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ। ਉਨ੍ਹਾਂ ਇਹ ਐਲਾਨ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਕੀਤੇ। ਉਨ੍ਹਾਂ ਬਾਰ੍ਹਵੀਂ ਜਮਾਤ ਵਿੱਚੋਂ 98 ਫੀਸਦ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ 5100-5100 ਰੁਪਏ ਦੇ ਨਕਦ ਇਨਾਮ ਦਾ ਵੀ ਐਲਾਨ ਕੀਤਾ।
ਸਰਕਾਰੀ ਸਕੂਲਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ 94.32 ਪਾਸ ਫੀਸਦ ਸਕੂਲ ਬੋਰਡ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵਧੇਰੇ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ ਵਿੱਚ 13 ਫੀਸਦ ਦਾ ਵਾਧਾ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਹੋਛੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ”ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ।” ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਹਾਲਾਤ ਮੌਕੇ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉੱਤੇ ਹੀ ਖਰਚੇ ਜਾਣਗੇ। ‘ਸਾਡੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉੱਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉੱਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ।’ ਮੁੱਖ ਮੰਤਰੀ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਪਣੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਉਹ ਕਰੋਨਾ ਸਬੰਧੀ ਸਾਰੇ ਇਹਤਿਆਤਾਂ ਦੀ ਪਾਲਣਾ ਕਰਨ ਦੇ ਨਾਲ ਵਾਧੂ ਭੀੜ ਜਟਾਉਣ ਤੋਂ ਪਰਹੇਜ਼ ਕਰਨ। ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਪੰਜਾਬ ਇਸ ਵੇਲੇ 18ਵੇਂ ਨੰਬਰ ਉੱਤੇ ਹੈ ਪਰ ਪਿਛਲੇ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ 400 ਤੋਂ ਵੱਧ ਕੇਸਾਂ ਦੇ ਆਉਣ ਕਾਰਨ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …