![](https://parvasinewspaper.com/wp-content/uploads/2020/07/6-2-300x236.jpg)
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦਿੱਤੇ ਜਾਂਚ ਦੇ ਹੁਕਮ
ਬਟਾਲਾ/ਬਿਊਰੋ ਨਿਊਜ਼
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਤੋਂ ਜ਼ਿਆਦਾ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਵਿਅਕਤੀਆਂ ਦੀ ਮੌਤ ਹੋ ਗਈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ 9 ਅਤੇ ਗੁਰਦਾਸਪੁਰ ਦੇ ਕਸਬਾ ਬਟਾਲਾ ਵਿਚ ਵੀ 8 ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨ ਚਲੀ ਗਈ। ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਵਾਲੇ ਕਈ ਵਿਅਕਤੀਆਂ ਦੀਆਂ ਅੱਖਾਂ ਦੀ ਰੋਸ਼ਨੀ ਵੀ ਚਲੀ ਗਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਅਜਿਹੀ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਪਿੱਛੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਅਤੇ ਪੁਲਿਸ ਨੂੰ ਕਿਹਾ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇ।