ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ‘ਚ ਸਿੱਖਾਂ ਨੂੰ ਡਰਾਉਣ-ਧਮਕਾਉਣ ਵਰਗੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਪਾਕਿਸਤਾਨ ਵਿਚ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜ਼ਬਰਦਸਤੀ ਧਰਮ ਤਬਦੀਲ ਕਰਵਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਹ ਸਭ ਕੁਝ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਲੁਭਾਉਣ ਲਈ ਅਣਥੱਕ ਯਤਨ ਕਰਦੇ ਹੋਏ ਉਨ੍ਹਾਂ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸਹਿਣਸ਼ੀਲਤਾ ਦੇ ਮੁੱਦੇ ‘ਤੇ ਭਾਰਤ ਨੂੰ ਪਾਠ ਪੜ੍ਹਾਉਣ ਵਾਲੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਹੀ ਦੇਸ਼ ਦੇ ਕੱਟੜਪੰਥੀਆਂ ਦੇ ਸਾਹਮਣੇ ਹਥਿਆਰ ਸੁੱਟ ਚੁੱਕੇ ਹਨ। ਹਾਲ ਹੀ ਵਿਚ ਲਾਹੌਰ ‘ਚ ਸਥਾਨਕ ਵਿਅਕਤੀਆਂ ਨੇ ਨੌਲੱਖਾ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਸ਼ਹੀਦੀ ਸਥਾਨ ਨੂੰ ਇਕ ਮਸਜਿਦ ‘ਚ ਬਦਲਣ ਦੀ ਧਮਕੀ ਦਿੱਤੀ ਹੈ। ਇਹ ਇਤਿਹਾਸਕ ਗੁਰਦੁਆਰਾ ਹੈ, ਜੋ ਭਾਈ ਤਾਰੂ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਨ ਲਈ ਬਣਾਇਆ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨੀ ਹਾਈ ਕਮਿਸ਼ਨ ਦੇ ਸਾਹਮਣੇ ਉਸ ਘਟਨਾ ਨੂੰ ਲੈ ਕੇ ਸਖ਼ਤ ਵਿਰੋਧ ਦਰਜ ਕਰਵਾਇਆ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਕਿਸਤਾਨੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਇਸ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਕਿਸਤਾਨ ਵਿਚ ਅਧਿਕਾਰਾਂ ਤੋਂ ਵਾਂਝੇ ਅਤੇ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਜ਼ਾਰਾਂ ਸਿੱਖ ਅਤੇ ਹਿੰਦੂ ਹਰ ਸਾਲ ਭਾਰਤ ਆ ਜਾਂਦੇ ਹਨ।ઠ
Check Also
ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ
ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …