
ਔਜਲਾ ਨੇ ਕਿਹਾ – ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਪੁਲਿਸ ਅਧਿਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚੋਂ ਸ਼ਰਾਬ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਤ੍ਰਾਸਦੀ ਵਿਚ ਭੋਲੇ ਭਾਲੇ ਲੋਕਾਂ ਦੀਆਂ ਗਈਆਂ ਜਾਨਾਂ ‘ਤੇ ਸਿਆਸਤ ਕਰਨ ਤੋਂ ਵਿਰੋਧੀ ਧਿਰ ਨੂੰ ਰੋਕਿਆ। ਇਸੇ ਦੌਰਾਨ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਇੰਟੈਲੀਜੈਂਸ ਵਿੰਗ ਦੀ ਨਾਕਾਮੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਵਿੰਗ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਦੀ ਪੁਲਿਸ ਅਧਿਕਾਰੀ ਗੱਲ ਹੀ ਨਹੀਂ ਸੁਣਦੇ। ਔਜਲਾ ਨੇ ਕਿਹਾ ਕਿ ਇਸ ਮਾਮਲੇ ਵਿਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ।