Breaking News
Home / ਹਫ਼ਤਾਵਾਰੀ ਫੇਰੀ / ਲੰਗਾਹ ਆਪੇ ਹੋ ਗਿਆ ‘ਸੁੱਚਾ’

ਲੰਗਾਹ ਆਪੇ ਹੋ ਗਿਆ ‘ਸੁੱਚਾ’

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ‘ਚ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਘਿਰੇ
ਮਾਮਲਾ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕ ਕੇ ਪੰਥ ‘ਚ ਵਾਪਸੀ ਦਾ ਰਾਹ ਲੱਭਣ ਦੀ ਕੀਤੀ ਕੋਸ਼ਿਸ਼
ਧਾਰੀਵਾਲ/ਬਿਊਰੋ ਨਿਊਜ਼ : ਪੰਥ ਵਿਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਲੰਘੇ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਚ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਖਿਮਾ ਯਾਚਨਾ ਕੀਤੀ। ਪੰਜ ਪਿਆਰਿਆਂ ਨੇ ਲੰਗਾਹ ਨੂੰ 21 ਦਿਨ ਰੋਜ਼ਾਨਾ ਇਕ ਘੰਟਾ ਗੁਰੂ ਘਰ ਵਿੱਚ ਝਾੜੂ ਮਾਰਨ ਦੀ ਤਨਖ਼ਾਹ ਲਗਾਈ ਅਤੇ ਦੁਬਾਰਾ ਅੰਮ੍ਰਿਤਪਾਨ ਕਰਾਇਆ। ਉਧਰ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਕਿਹਾ ਕਿ ਲੰਗਾਹ ਨੂੰ ਅਜੇ ਅਕਾਲ ਤਖ਼ਤ ਸਾਹਿਬ ਤੋਂ ਕੋਈ ਮੁਆਫ਼ੀ ਨਹੀਂ ਮਿਲੀ ਹੈ। ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਵਿਚ ਜਥੇਦਾਰ ਬਾਬਾ ਤਰਸੇਮ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਕ ਦੀ ਅਗਵਾਈ ਹੇਠ ਪੂਰਨਮਾਸ਼ੀ ਮੌਕੇ ਕਰਾਏ ਗਏ ਸਾਲਾਨਾ ਸਮਾਗਮ ਦੌਰਾਨ ਸੁੱਚਾ ਸਿੰਘ ਲੰਗਾਹ ਪਰਿਵਾਰ ਸਣੇ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਉਹ ਪੰਜ ਪਿਆਰਿਆਂ ਵੱਲੋਂ ਲਗਾਈ ਗਈ ਤਨਖ਼ਾਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਤਨਖਾਹ ਪੂਰੀ ਕਰਨ ਉਪਰੰਤ ਮੁੜ ਇਸੇ ਅਸਥਾਨ ‘ਤੇ ਸੋਧ ਦੀ ਅਰਦਾਸ ਕੀਤੀ ਜਾਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਅੰਮ੍ਰਿਤਸਰ ਵਿਚ ਕਿਹਾ ਕਿ ਲੰਗਾਹ ਦਾ ਮਾਮਲਾ ਅਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ। ਜਥੇਦਾਰ ਦੇ ਹਵਾਲੇ ਨਾਲ ਉਨ੍ਹਾਂ ਆਖਿਆ ਕਿ ਲੰਗਾਹ ਵਲੋਂ ਮੁਆਫ਼ੀ ਪੱਤਰ ਭੇਜਿਆ ਗਿਆ ਸੀ, ਜੋ ਫਿਲਹਾਲ ਪੰਜ ਸਿੰਘ ਸਾਹਿਬਾਨ ਦੇ ਵਿਚਾਰ ਅਧੀਨ ਹੈ।
ਉਨ੍ਹਾਂ ਕਿਹਾ ਕਿ ਫਿਲਹਾਲ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। ਲੰਗਾਹ ਨੇ ਪੰਜ ਪਿਆਰਿਆਂ ਦੇ ਸਨਮੁਖ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਲੰਗਾਹ ਦੀ ਇਕ ਇਤਰਾਜ਼ਯੋਗ ਅਸ਼ਲੀਲ ਵੀਡਿਓ ਵਾਇਰਲ ਹੋਣ ਮਗਰੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਉਹ ਉਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਵੀ ਸਨ। ਉਹ ਅਕਾਲੀ ਮੰਤਰੀ ਵੀ ਰਹਿ ਚੁੱਕੇ ਹਨ। ਹੁਣ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈਆਂ ਭੁੱਲਾਂ-ਚੁੱਕਾਂ ਲਈ ਖਿਮਾ ਯਾਚਨਾ ਬਾਰੇ ਪੱਤਰ ਦਿੱਤਾ ਸੀ ਪਰ ਉਸ ਵੇਲੇ ਕੁਝ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।
ਲੌਂਗੋਵਾਲ ਨੇ ਤਿੰਨ ਐੱਸਜੀਪੀਸੀ ਮੁਲਾਜ਼ਮ ਕੀਤੇ ਮੁਅੱਤਲ
ਗੁਰਦਾਸਪੁਰ : ਸੁੱਚਾ ਸਿੰਘ ਲੰਗਾਹ ਨੂੰ ਮੁਆਫ ਕਰਕੇ ਦੁਬਾਰਾ ਅੰਮ੍ਰਿਤ ਛਕਾਉਣ ਦੀ ਘਟਨਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਮੁਅੱਤਲ ਕਰ ਦਿੱਤੇ ਹਨ। ਉਨ੍ਹਾਂ ਇਸ ਮਾਮਲੇ ਦੀ ਪੂਰੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ ਜਿਨ੍ਹਾਂ ਵਿਚ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ ਤੇ ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੜਤਾਲ ਲਈ ਫਲਾਇੰਗ ਵਿਭਾਗ ਦੇ ਅਮਲੇ, ਸੀਨੀਅਰ ਪ੍ਰਚਾਰਕਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
ਲੰਗਾਹ ਨਾਲ ਰਾਬਤਾ ਰੱਖਣ ਵਾਲੇ ਗੁਰਿੰਦਰਪਾਲ ਸਿੰਘ ਤੇ ਰਤਨ ਸਿੰਘ ਤਨਖਾਹੀਆ ਕਰਾਰ
ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਨਿਹੰਗ ਜਥੇਬੰਦੀ ਨਾਲ ਸਬੰਧਤ ਪੰਜ ਪਿਆਰਿਆਂ ਵਲੋਂ ਮੁਆਫ਼ੀ ਦਿੱਤੇ ਜਾਣ ਅਤੇ ਤਨਖਾਹ ਲਾਏ ਜਾਣ ਦਾ ਮਾਮਲਾ ਭਖ਼ ਗਿਆ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ (ਹਲਕਾ ਕਾਦੀਆਂ) ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …