ਤਰਨਤਾਰਨ ਵਿੱਚ 91, ਅੰਮ੍ਰਿਤਸਰ ‘ਚ 14 ਤੇ ਬਟਾਲਾ ‘ਚ 14 ਮੌਤਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 119 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 91 ਤੱਕ ਪਹੁੰਚ ਗਈ ਹੈ। ਤਰਨਤਾਰਨ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਨੇੜਲੇ ਪਿੰਡਾਂ ਵਿਚ ਹੁਣ ਤੱਕ 14 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿਚ ਵੀ 14 ਮੌਤਾਂ ਹੋ ਚੁੱਕੀਆਂ ਹਨ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਲਾਕੇ ਅੰਦਰ ਹੋਈਆਂ ਮੌਤਾਂ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿਚ ਲੰਘੇ 6-7 ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਾਤਾਰ ਮੌਤਾਂ ਹੋਈਆਂ ਹਨ ਅਤੇ ਕਈਆਂ ਦੀ ਅੱਖਾਂ ਦੀ ਰੋਸ਼ਨੀ ਵੀ ਪ੍ਰਭਾਵਿਤ ਹੋਈ ਹੈ। ਹਮਦਰਦੀ ਪ੍ਰਗਟਾਉਣ ਪੁੱਜੇ ਸਿਆਸੀ ਆਗੂ : ਸ਼੍ਰੋਮਣੀ ਦਲ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਨੇ ਵੱਖ-ਵੱਖ ਮ੍ਰਿਤਕਾਂ ਦੇ ਘਰਾਂ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਕਾਰੇ ਪਿੱਛੇ ਹਾਕਮ ਧਿਰ ਦੇ ਹੱਥ ਹੋਣ ਦਾ ਦੋਸ਼ ਲਾਉਂਦਿਆਂ ਕਸੂਰਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈਕੋਰਟ ਦੇ ਸਿਟਿੰਗ ਜੱਜ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਲਈ ਐਲਾਨੀ ਗਈ ਦੋ ਲੱਖ ਰੁਪਏ ਮੁਆਵਜ਼ਾ ਰਾਸ਼ੀ ਵਧਾਉਣ ਅਤੇ ਹਰੇਕ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।
ਸੁਖਬੀਰ ਬਾਦਲ ਨੇ ਮ੍ਰਿਤਕਾਂ ਦੇ ਵਾਰਸਾਂ ਲਈ 25-25 ਲੱਖ ਰੁਪਏ ਦੀ ਸਹਾਇਤਾ ਮੰਗੀઠ
ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਾਰਸਾਂ ਲਈ 25-25 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਦੋ-ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਬਹੁਤ ਘੱਟ ਕਰਾਰ ਦਿੱਤਾ। ਉਨ੍ਹਾਂ ਤਰਨਤਾਰਨ ਵਿਚ ਸਥਾਨਕ ਸਿਵਲ ਹਸਪਤਾਲ ਵਿੱਚ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜ਼ਹਿਰੀਲੀ ਸ਼ਰਾਬ ਕਾਂਡ ਦੇ ਕਸੂਰਵਾਰਾਂ ਖਿਲਾਫ਼ ਇੱਕ ਹਫ਼ਤੇ ਦੇ ਅੰਦਰ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਹਰਿਆਣਾ ਹਾਈਕੋਰਟ ਕੋਲੋਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਏ ਜਾਣ ਦੀ ਮੰਗ ਕਰਨਗੇ।
ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੇ 2-2 ਲੱਖ ਰੁਪਏ ਦੇ ਚੈਕ
ਜਾਂਚ ਲਈ ਦੋ ਟੀਮਾਂ ਦਾ ਵੀ ਕੀਤਾ ਗਿਆ ਗਠਨ
ਤਰਨਤਾਰਨ/ਬਿਊਰੋ ਨਿਊਜ਼ : ਪੰਜਾਬ ਦੇ 3 ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਪਿਛਲੇ ਦਿਨੀਂ ਜ਼ਹਿਰਲੀ ਸ਼ਰਾਬ ਪੀਣ ਨਾਲ 119 ਵਿਅਕਤੀਆਂ ਦੀ ਮੌਤ ਹੋਈ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈਕ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਸਭ ਤੋਂ ਵੱਧ 96 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੋਰ ਮੌਤਾਂ ਅੰਮ੍ਰਿਤਸਰ ਅਤੇ ਬਟਾਲਾ ਵਿਚ ਹੋਈਆਂ ਸਨ। ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਪਿੰਡਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਰਾਜ ਕੁਮਾਰ ਵੇਰਕਾ ਪਹੁੰਚੇ। ਇਸ ਦੌਰਾਨ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਦੇ ਚੈੱਕ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰਨ ਲਈ ਕਿਹਾ। ਡੀਜੀਪੀ ਵਲੋਂ ਇਸ ਮਾਮਲੇ ਦੀ ਜਾਂਚ ਲਈ ਦੋ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਅਤੇ ਜਾਂਚ ਦਾ ਕੰਮ ਸ਼ੁਰੂ ਵੀ ਹੋ ਗਿਆ ਹੈ।
ਕਈਆਂ ਦੀ ਅੱਖਾਂ ਦੀ ਰੋਸ਼ਨੀ ਹੋਈ ਪ੍ਰਭਾਵਿਤ
ਚੰਡੀਗੜ੍ਹ : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਤ੍ਰਾਸਦੀ ਵਿਚ ਮੌਤ ਦੇ ਮੂੰਹੋਂ ਬਚਣ ਵਾਲਿਆਂ ਵਿਚੋਂ ਕਈਆਂ ਦੀ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਈ ਹੈ, ਕਈ ਹੋਰ ਤਰ੍ਹਾਂ ਦੀ ਔਖ ਮਹਿਸੂਸ ਕਰ ਰਹੇ ਹਨ। ਬਟਾਲਾ ਨਗਰ ਨਿਗਮ ਦੇ ਠੇਕਾ ਮੁਲਾਜ਼ਮ ਤਿਲਕ ਰਾਜ ਨੇ ਦੱਸਿਆ ਕਿ ਸ਼ਰਾਬ ਪੀਣ ਤੋਂ ਬਾਅਦ ਉਸ ਨੂੰ ਚੰਗੀ ਤਰ੍ਹਾਂ ਨਜ਼ਰ ਹੀ ਨਹੀਂ ਆ ਰਿਹਾ। ਉਸ ਨੇ ਸ਼ਰਾਬ ਬਟਾਲਾ ਦੇ ਹਾਥੀ ਗੇਟ ਇਲਾਕੇ ਵਿਚੋਂ ਤ੍ਰਿਵੇਣੀ ਚੌਹਾਨ ਤੇ ਦਰਸ਼ਨਾ ਰਾਣੀ ਉਰਫ਼ ਫ਼ੌਜਣ ਕੋਲੋਂ 60 ਰੁਪਏ ਵਿਚ ਖ਼ਰੀਦੀ ਸੀ। ਉਸ ਨੇ ਦੱਸਿਆ ਕਿ ਪਰਿਵਾਰ ਤੁਰੰਤ ਡਾਕਟਰ ਕੋਲ ਲੈ ਗਿਆ ਤੇ ਉਹ ਬਚ ਗਿਆ। ਤਿਲਕ ਰਾਜ (50) ਨੇ ਕਿਹਾ ਕਿ ਵੈਸੇ ਹੁਣ ਉਹ ਠੀਕ ਮਹਿਸੂਸ ਕਰ ਰਿਹਾ ਹੈ ਪਰ ਨਜ਼ਰ ਨਹੀਂ ਵਧ ਰਹੀ। ਉਸ ਨੂੰ ਚੱਕਰ ਵੀ ਆ ਰਹੇ ਹਨ। ਬਟਾਲਾ ਦੇ ਹੀ ਰਹਿਣ ਵਾਲੇ ਅਜੈ ਕੁਮਾਰ (32) ਨੇ ਦੱਸਿਆ ਕਿ ਸ਼ਰਾਬ ਪੀਣ ਮਗਰੋਂ ਉਹ ਕੰਬਣ ਲੱਗ ਗਿਆ, ਹਾਲੇ ਵੀ ਕਮਜ਼ੋਰੀ ਹੈ।
ਔਰਤਾਂ ਵੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ
ਅੰਮ੍ਰਿਤਸਰ :ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਵੱਲੋਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਨਾਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਖ਼ਤਮ ਕਰਨ ਵਾਸਤੇ ਸਾਂਝੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਇਸ ਮਾਮਲੇ ਵਿੱਚ ਹੁਣ ਤੱਕ 4 ਔਰਤਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਆਈਜੀ ਪਰਮਾਰ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਇਸ ਕਾਰੋਬਾਰ ਨੂੰ ਖ਼ਤਮ ਕਰਨ ਵਾਸਤੇ ਇੱਕ ਸਾਂਝਾ ਅਪਰੇਸ਼ਨ ਚਲਾਇਆ ਜਾਵੇਗਾ।
ਸ਼ਰਾਬ ਮਾਫੀਆ ਵੰਡ ਰਿਹੈ ਜ਼ਹਿਰ : ਭਗਵੰਤ ਮਾਨ
ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਇਹ ਸ਼ਰਾਬ ਘਰ ਦੀ ਕੱਢੀ ਹੋਈ ਨਹੀਂ ਸੀ ਸਗੋਂ ਤਸਕਰਾਂ ਵੱਲੋਂ ਸਪਲਾਈ ਕੀਤੀ ਨਾਜਾਇਜ਼ ਸ਼ਰਾਬ ਸੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਇੱਕ ਬਹੁਤ ਵੱਡਾ ਮਾਫੀਆ ਇਹ ਜ਼ਹਿਰ ਵੰਡ ਰਿਹਾ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਕੋਲੋਂ ਕਰਾਉਣ ਦੀ ਮੰਗ ਕੀਤੀ। ਉਹ ਇਥੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਡੋਰੀ ਗੋਲਾ, ਭੁੱਲਰ, ਕੱਕਾ ਕੰਡਿਆਲਾ ਤੇ ਮੁੱਛਲ ਪਿੰਡਾਂ ਵਿੱਚ ਗਏ ਸਨ। ਉਪਰੰਤ ਅੰਮ੍ਰਿਤਸਰ ਵਿਖੇ ਪਾਰਟੀ ਦਫਤਰ ਵਿਚ ਮੀਡੀਆਂ ਨਾਲ ਗੱਲ ਕਰਦਿਆਂ ਮਾਨ ਨੇ ਦਸਿਆ ਕਿ ਇਹ ਸ਼ਰਾਬ ਘਰ ਦੀ ਕੱਢੀ ਹੋਈ ਨਹੀਂ ਸੀ ਬਲਕਿ ਤਸਕਰਾਂ ਵੱਲੋਂ ਸਪਲਾਈ ਕੀਤੀ ਗਈ ਨਾਜਾਇਜ਼ ਸ਼ਰਾਬ ਸੀ, ਜਿਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਸ਼ਰੇਆਮ ਮੌਜੂਦਾ ਸਿਆਸਤਦਾਨਾਂ ਅਤੇ ਸ਼ਰਾਬ ਮਾਫੀਆ ਦੇ ਕਰਿੰਦਿਆਂ ਦੀ ਇਸ ਕਾਰੋਬਾਰ ਵਿੱਚ ਸ਼ਮੂਲੀਅਤ ਦੇ ਦੋਸ਼ ਲਾ ਰਹੇ ਹਨ। ਉਨ੍ਹਾਂ ਸਰਕਾਰ ਵਰ੍ਹਦਿਆਂ ਕਿਹਾ ਕਿ ਨਾਜਾਇਜ਼ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਲਾਸ਼ਾਂ ਦੀ ਮੁਰਦਾ ਘਰਾਂ ਵਿੱਚ ਹੋਈ ਬੇਅਦਬੀ ਲਈ ਕੌਣ ਜ਼ਿੰਮੇਵਾਰ ਹੈ। ਮੁਰਦਾਂ ਘਰਾਂ ਵਿਚ ਲਾਸ਼ਾਂ ਰੱਖਣ ਲਈ ਥਾਂ ਨਹੀਂ ਹੈ ਅਤੇ ਬਰਫ ਮੰਗਵਾਉਣ ਵਾਸਤੇ ਲੋਕਾਂ ਕੋਲੋਂ ਪੈਸੇ ਲਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਸੰਗਠਤ ਮਾਫ਼ੀਆ ਦੀਆਂ ਤਾਰਾਂ ਰਾਜਪੁਰਾ ਅਤੇ ਖੰਨਾ ਦੀਆਂ ਫਰਜ਼ੀ ਸ਼ਰਾਬ ਫੈਕਟਰੀਆਂ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਚਲਾਉਣ ਵਾਲੇ ਖੁਦ ਕਾਂਗਰਸੀ ਹੀ ਹਨ।
ਸਿਮਰਜੀਤ ਬੈਂਸ ਵੱਲੋਂ ਪਿੰਡ ਮੁੱਛਲ ਦੇ ਪੀੜਤਾਂ ਨਾਲ ਮੁਲਾਕਾਤ
ਰਈਆ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਪਿੰਡ ਮੁੱਛਲ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਅਫ਼ਸੋਸ ਪ੍ਰਗਟ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਮਾਫ਼ੀਆ ਵੱਲੋਂ ਨਸ਼ਿਆਂ ਦੇ ਸਿਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਵੇਚ ਕੇ ਪੀੜਤ ਪਰਿਵਾਰਾਂ ਨੂੰ ਦਿੱਤੀਆਂ ਜਾਣ ਤਾਂ ਜੋ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ। ઠਉਨ੍ਹਾਂ ਕਿਹਾ ਕਿ ਐੱਸਆਈਟੀ ਤੇ ਜੁਡੀਸ਼ਰੀ ਜਾਂਚ ਨਾਲ ਸਿਰਫ਼ ਪਰਦਾ ਰੱਖਿਆ ਜਾਂਦਾ ਹੈ ਇਨਸਾਫ਼ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸੱਤਾ ਵਿੱਚ ਆ ਕੇ ਖ਼ਰਾਬ ਸਿਸਟਮ ਨੂੰ ਦਰੁਸਤ ਨਹੀਂ ਕਰਦੇ ਸਗੋਂ ਇਕ-ਦੂਜੇ ਨਾਲ ਆਪਣੇ ਬਿਆਨ ਅਦਲਾ ਬਦਲੀ ਕਰਨ ਨੂੰ ਹੀ ਤਰਜੀਹ ਦਿੰਦੇ ਹਨ। ਬੈਂਸ ਨੇ ਕਿਹਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਾੜਾਂ ਵਿੱਚ ਇਕਾਂਤਵਾਸ ਹੋ ਕੇ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰਨ ਦੀਆਂ ਨਸੀਹਤਾਂ ਦੇ ਰਹੇ ਹਨ।
ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ : ਕੇਜਰੀਵਾਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਕੁੱਝ ਮਹੀਨਿਆਂ ਵਿੱਚ ਨਾਜਾਇਜ਼ ਸ਼ਰਾਬ ਨਾਲ ਸਬੰਧਤ ਕਿਸੇ ਵੀ ਕੇਸ ਨੂੰ ਹੱਲ ਨਹੀਂ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ, ‘ਮੈਂ ਪੰਜਾਬ ਵਿਚ ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਦੁਖੀ ਹਾਂ। ਰਾਜ ਸਰਕਾਰ ਨੂੰ ਅਜਿਹੇ ਮਾਫੀਆ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਇਹ ਮਾਮਲਾ ਤੁਰੰਤ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਕਿਉਂਕਿ ਸਥਾਨਕ ਪੁਲਿਸ ਨੇ ਕੁੱਝ ਮਹੀਨਿਆਂ ਤੋਂ ਕਿਸੇ ਵੀ ਗੈਰਕਾਨੂੰਨੀ ਸ਼ਰਾਬ ਦੇ ਕੇਸ ਨੂੰ ਹੱਲ ਨਹੀਂ ਕੀਤਾ ਹੈ।’
ਕੇਜਰੀਵਾਲ ਆਪਣੇ ਕੰਮ ਨਾਲ ਮਤਲਬ ਰੱਖਣ: ਕੈਪਟਨ
ਚੰਡੀਗੜ੍ਹ : ਪੰਜਾਬ ਵਿਚ ਨਕਲੀ ਸ਼ਰਾਬ ਨਾਲ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਕਰਵਾਉਣ ਬਾਰੇ ਅਰਵਿੰਦ ਕੇਜਰੀਵਾਲ ਦੀ ਮੰਗ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੇ ਕੰਮ ਨਾਲ ਵਾਸਤਾ ਰੱਖਣ। ਉਨ੍ਹਾਂ ਕੇਜਰੀਵਾਲ ਨੂੰ ਪੰਜਾਬ ਵਿੱਚ ਮੂਧੇ ਮੂੰਹ ਡਿੱਗ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਪੈਰਾਂ-ਸਿਰ ਕਰਨ ਲਈ ਇਸ ਦੁਖਾਂਤਮਈ ਮਾਮਲੇ ‘ਤੇ ਸਿਆਸੀ ਰੋਟੀਆਂ ਨਾ ਸੇਕਣ ਦੀ ਸਲਾਹ ਦਿੱਤੀ। ਉਨ੍ਹਾਂ ਕੇਜਰੀਵਾਲ ਦੇ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੇ ਬਿਆਨ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆਖਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਤੁਸੀਂ ਇਸ ਦੁਖਦਾਇਕ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੀ ਤਹਾਨੂੰ ਕੋਈ ਸ਼ਰਮ ਹੈ?
ਸੁਖਦੇਵ ਢੀਂਡਸਾ ਵੀ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਰਾਜਪਾਲ ਕੋਲ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਵਲੋਂ ਮੰਗ ਕੀਤੀ ਗਈ ਕਿ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਦੇਖ ਰੇਖ ਹੇਠ ਇਕ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਂ ਜੋ ਸ਼ਰਾਬ ਕਾਂਡ ਵਿਚ ਜਾਨਾਂ ਗੁਆ ਚੁੱਕੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਮੰਗ ਪੱਤਰ ਦੇਣ ਮਗਰੋਂ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਤੋਂ ਇਹ ਮੰਗ ਵੀ ਕੀਤੀ ਹੈ ਕਿ ਇਸ ਗੰਭੀਰ ਮਾਮਲੇ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਦੇਖ ਕੇ ਇੰਜ ਲਗਦਾ ਹੈ ਕਿ ਪੰਜਾਬ ਵਿਚ ਕਾਨੂੰਨ ਅਤੇ ਨਿਆਂ ਵਿਵਸਥਾ ਬੁਰੀ ਤਰ੍ਹਾਂ ਬਿਖਰ ਚੁੱਕੀ ਹੈ ਤੇ ਪੰਜਾਬ ਦੇ ਲੋਕ ਮਾਫ਼ੀਆ ਰਾਜ ਦੇ ਹਵਾਲੇ ਕਰ ਦਿੱਤੇ ਗਏ ਹਨ।