ਪੰਜਾਬ ਭਰ ਵਿਚ ਆਰਡੀਨੈਂਸਾਂ ਖਿਲਾਫ ਲਗਾਏ ਧਰਨੇ
ਮੁਹਾਲੀ/ਬਿਊਰੋ ਨਿਊਜ਼ : ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ। ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਯੂਥ ਆਗੂਆਂ ਨੇ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਯੂਥ ਕਾਂਗਰਸ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਹਜ਼ਾਰ ਥਾਵਾਂ ਉੱਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵੱਲੋਂ 10 ਤੋਂ 12 ਵਜੇ ਤੱਕ ਧਰਨੇ ਦੇ ਕੇ ਕਿਸਾਨ ਵਿਰੋਧੀ ਕਾਨੂੰਨਾਂ ਪ੍ਰਤੀ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਕਿਸਾਨਾਂ ਅਤੇ ਮੰਡੀ ਬੋਰਡਾਂ ਲਈ ਬੇਹੱਦ ਖਤਰਨਾਕ ਹਨ। ਇਸ ਨਾਲ ਮੰਡੀਕਰਨ ਬੋਰਡ ਦੀ ਆਮਦਨ ਖਤਮ ਹੋ ਜਾਵੇਗੀ ਤੇ ਰਾਜਾਂ ਦੇ ਵਿਕਾਸ ‘ਤੇ ਭਾਰੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਦਾ ਨਿੱਜੀਕਰਨ ਹੋਵੇਗਾ ਜਿਸ ਨਾਲ ਫਸਲਾਂ ਰੁਲ ਜਾਣਗੀਆਂ। ਉਨ੍ਹਾਂ ਅਕਾਲੀ ਦਲ ਵੱਲੋਂ ਆਰਡੀਨੈਂਸਾਂ ਦੀ ਕੀਤੀ ਜਾ ਰਹੀ ਹਮਾਇਤ ਨੂੰ ਕਿਸਾਨੀ ਨਾਲ ਧਰੋਹ ਦੱਸਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਵਿਚ ਆਪਣੀ ਕੁਰਸੀ ਬਚਾਉਣ ਲਈ ਹੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ। ਉਨ੍ਹਾਂ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਉਸ ਦੀ ਕਹਿਣੀ ਤੇ ਕਰਨੀ ਵਿੱਚ ਫ਼ਰਕ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …