Breaking News
Home / ਪੰਜਾਬ / ਅਮਰਿੰਦਰ ਨੂੰ ਲੱਭਣ ਜਾਂਦੇ ‘ਆਪ’ ਵਿਧਾਇਕ ਗ੍ਰਿਫ਼ਤਾਰ

ਅਮਰਿੰਦਰ ਨੂੰ ਲੱਭਣ ਜਾਂਦੇ ‘ਆਪ’ ਵਿਧਾਇਕ ਗ੍ਰਿਫ਼ਤਾਰ

‘ਕੈਪਟਨ ਸਾਹਿਬ ਬਾਹਰ ਆਓ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਗੂੰਜੇ
ਮੁਹਾਲੀ ; ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਉਨ੍ਹਾਂ ਦੇ ਪਿੰਡ ਸਿੱਸਵਾਂ ਸਥਿਤ ਫਾਰਮ ਹਾਊਸ ਵੱਲ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀ ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ਰਿਹਾਅ ਵੀ ਕਰ ਦਿੱਤਾ। ਜਾਣਕਾਰੀ ਅਨੁਸਾਰ ਭਗਵੰਤ ਮਾਨ ਪਾਰਟੀ ਵਿਧਾਇਕਾਂ ਅਤੇ ਹੋਰ ਆਗੂਆਂ ਤੇ ਵਾਲੰਟੀਅਰਾਂ ਨਾਲ ਮੰਗਲਵਾਰ ਨੂੰ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਵੱਲ ਕੂਚ ਕਰ ਰਹੇ ਸੀ ਕਿ ਪੁਲਿਸ ਨੇ ਮੁੱਲਾਂਪੁਰ ਗਰੀਬਦਾਸ ਬੈਰੀਅਰ ਤੋਂ ਪਹਿਲਾਂ ਹੀ ਉਨ੍ਹਾਂ ਦਾ ਰਾਹ ਰੋਕ ਲਿਆ। ਭਗਵੰਤ ਮਾਨ ਅਤੇ ਬਾਕੀ ਵਿਧਾਇਕ ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜ ਲਾਲੀ ਗਿੱਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰੀਸ਼ ਕੌਸ਼ਲ, ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਹੋਰ ਉੱਥੇ ਹੀ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ। ਉਨ੍ਹਾਂ ‘ਕੈਪਟਨ ਸਾਹਿਬ ਬਾਹਰ ਆਓ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਗਾਏ। ਇਸ ਮਗਰੋਂ ਭਗਵੰਤ ਮਾਨ ਸਣੇ ਸਾਰੇ ਵਿਧਾਇਕ ਅਤੇ ਇਲਾਕੇ ਦੇ ਸੀਨੀਅਰ ਆਗੂਆਂ ਨੂੰ ਸਥਾਨਕ ਫੇਜ਼-1 ਥਾਣੇ ਵਿੱਚ ਲਿਆ ਕੇ ਬੰਦ ਕਰ ਦਿੱਤਾ। ਇੱਥੇ ਵੀ ‘ਆਪ’ ਵਾਲੰਟੀਅਰਾਂ ਨੇ ਨਾਅਰੇਬਾਜ਼ੀ ਕੀਤੀ। ਮੁਹਾਲੀ ਥਾਣੇ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਅਤੇ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੇ ਲੋਕ ਪਹਿਲਾਂ ਹੀ ਭੁੱਖ, ਕਰੋਨਾ ਬਿਮਾਰੀ ਨਾਲ ਮਰ ਰਹੇ ਸੀ ਅਤੇ ਹੁਣ ਨਕਲੀ ਸ਼ਰਾਬ ਨੇ ਲੋਕਾਂ ਦੇ ਘਰ ਉਜਾੜ ਕੇ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਨਕਲੀ ਸ਼ਰਾਬ ਦੇ ਧੰਦੇ ਨਾਲ ਭਾਵੇਂ ਹੁਕਮਰਾਨਾਂ ਨੇ ਆਪਣੀਆਂ ਤਿਜੋਰੀਆਂ ਤਾਂ ਭਰ ਲਈਆਂ ਪਰ ਸੈਂਕੜੇ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਗਏ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …