ਪੰਜਾਬ ਭਰ ਵਿਚ ਕੀਤੇ ਜਾਣਗੇ ਰੋਸ ਵਿਖਾਵੇ
ਅੰਮ੍ਰਿਤਸਰ: ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਜੱਥੇਬੰਦੀਆਂ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਅੰਮ੍ਰਿਤਸਰ ‘ਚ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰੋ. ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਤਿੰਨ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਆਜ਼ਾਦੀ ਦਿਵਸ ਸਮਾਗਮ ਦਾ ਬਾਈਕਾਟ ਕੀਤਾ ਜਾਵੇਗਾ। ਇਸ ਦਿਨ ਪੰਜਾਬ ਭਰ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਤਿੰਨੋਂ ਸਿੱਖ ਜਥੇਬੰਦੀਆਂ ਵਲੋਂ ਸਰਕਾਰ ਵਿਰੋਧੀ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਯੂਏਪੀਏ ਕਾਨੂੰਨ ਦੀ ਆੜ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਤੱਕ 47 ਕੇਸ ਦਰਜ ਕੀਤੇ ਜਾ ਚੁੱਕੇ ਹਨ ਤੇ 9 ਸਿੱਖਾਂ ਨੂੰ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ ਤੇ ਕਈ ਸਿੱਖ ਨੌਜਵਾਨਾਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਲੇ ਕਾਨੂੰਨ ਦੀ ਆੜ ਹੇਠ ਸਰਕਾਰ ਵਲੋਂ ਕਾਨੂੰਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਸਿੱਖਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਮੁੱਦਿਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵੀ ਸਖਤ ਵਿਰੋਧ ਕਰਦੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਤੋਂ ਇਨਕਾਰ ਕਰਨ ਅਤੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਤੇ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਹੁਣ ਤੱਕ ਨਿਆਂ ਨਾ ਮਿਲਣ ਦੇ ਸਿੱਟੇ ਵਜੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿੱਖ ਕਾਰਕੁਨ ਕਾਲੇ ਝੰਡੇ ਅਤੇ ਤਖਤੀਆਂ ਚੁੱਕ ਕੇ ਇਕ ਥਾਂ ‘ਤੇ ਖੜ੍ਹੇ ਹੋ ਕੇ ਸ਼ਾਂਤਮਈ ਢੰਗ ਨਾਲ 15 ਅਗਸਤ ਨੂੰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਅੰਮ੍ਰਿਤਸਰ ਵਿਚ ਭੰਡਾਰੀ ਪੁਲ ‘ਤੇ 15 ਅਗਸਤ ਨੂੰ 11 ਤੋਂ 1 ਵਜੇ ਤਕ ਵਿਖਾਵਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …