Breaking News
Home / ਹਫ਼ਤਾਵਾਰੀ ਫੇਰੀ / ਕੈਪਟਨ ਅਮਰਿੰਦਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣੇ ਕੀਤੇ ਸ਼ੁਰੂ

ਕੈਪਟਨ ਅਮਰਿੰਦਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣੇ ਕੀਤੇ ਸ਼ੁਰੂ

12ਵੀਂ ਜਮਾਤ ਦੇ 6 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਮੁੱਖ ਮੰਤਰੀ ਨੇ ਸ਼ੁਰੂ ਕੀਤੀ ‘ਕੈਪਟਨ ਸਮਾਰਟ ਕੁਨੈਕਟ ਸਕੀਮ’
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਲਾਂਚ ਕੀਤੀ, ਜਿਸ ਤਹਿਤ ਉਨ੍ਹਾਂ 6 ਵਿਦਿਆਰਥੀਆਂ ਨੂੰ ਆਪ ਸਮਾਰਟ ਫੋਨ ਵੰਡੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮਾਰਟਫੋਨ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਵਿਚ ਮਦਦ ਕਰੇਗਾ। ਫੋਨ ਵਿਚ ਵਿਦਿਆਰਥੀਆਂ ਦੀ ਜ਼ਰੂਰਤ ਦੇ ਸਾਰੇ ਐਪ ਉਪਲਬਧ ਹਨ। ਪਹਿਲੇ ਪੜਾਅ ਤਹਿਤ 1 ਲੱਖ 73 ਹਜ਼ਾਰ ਵਿਦਿਆਰਥੀਆਂ ਨੂੰ ਨਵੰਬਰ ਮਹੀਨੇ ਤੱਕ ਸਮਾਰਟ ਫੋਨ ਵੰਡੇ ਜਾਣਗੇ।
ਇਸੇ ਦੌਰਾਨ ਪੰਜਾਬ ਭਰ ਵਿੱਚ 26 ਵੱਖ-ਵੱਖ ਥਾਵਾਂ ‘ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਰੇਕ ਮੰਤਰੀ ਨੇ ਵਿਦਿਆਰਥੀਆਂ ਨੂੰ 20-20 ਫ਼ੋਨ ਨਿੱਜੀ ਤੌਰ ‘ਤੇ ਵੰਡੇ। ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ, ਜੋ ਨਵੰਬਰ 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਇਨ੍ਹਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਹੋਰ ਪਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹਨ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓਬੀਸੀ ਅਤੇ 94,832 ਐੱਸਸੀ ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ, ਜਿਨ੍ਹਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ।
ਪੰਜਾਬ ਸਿਵਲ ਸਕੱਤਰੇਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਜਨਮ-ਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ‘ਤੇ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਮਾਰੀ ਦੇ ਮੌਜੂਦਾ ਸਮੇਂ ਇਨ੍ਹਾਂ ਫੋਨਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ ਕਿਉਂ ਜੋ ਆਨਲਾਈਨ ਸਿੱਖਿਆ ਪ੍ਰਣਾਲੀ ਕਾਰਨ ਫੋਨ ਜ਼ਰੂਰਤ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਮਾਰਚ ਵਿੱਚ ਵੰਡਣ ਦੀ ਯੋਜਨਾ ਸੀ, ਪਰ ਕੋਵਿਡ ਸੰਕਟ ਕਾਰਨ ਦੇਰੀ ਹੋ ਗਈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮੱਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗ਼ਰੀਬੀ ਦੇ ਪਾੜੇ ਨੂੰ ਖ਼ਤਮ ਕਰੇਗੀ। ਉਦਯੋਗ ਵਿਭਾਗ ਇਨਫੋਟੈਕ ਰਾਹੀਂ ਹੋਰ ਫੋਨ ਖਰੀਦਣ ਜਾ ਰਿਹਾ ਹੈ ਅਤੇ ਇਸ ਦੀ ਵੰਡ ਮੈਸਰਜ਼ ਲਾਵਾ ਦੁਆਰਾ ਕੀਤੀ ਜਾਵੇਗੀ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …