Breaking News
Home / ਭਾਰਤ / ਰਾਜਸਥਾਨ ਦਾ ਸਿਆਸੀ ਸੰਕਟ

ਰਾਜਸਥਾਨ ਦਾ ਸਿਆਸੀ ਸੰਕਟ

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਸੋਨੀਆ ਨੇ ਮਸਲੇ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ
ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ 14 ਅਗਸਤ ਨੂੰ ਇਜਲਾਸ ਤੋਂ ਐਨ ਪਹਿਲਾਂ ਹੁਕਮਰਾਨ ਕਾਂਗਰਸ ਵਿਚ ਪੈਦਾ ਹੋਈ ਗੁੱਟਬਾਜ਼ੀ ਦਾ ਹੁਣ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ। ਪਾਰਟੀ ਵਿਚ ਬਗ਼ਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਆਗੂ ਸਚਿਨ ਪਾਇਲਟ ਨੇ ਨਵੀਂ ਦਿੱਲੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਜਿਸ ਤੋਂ ਪ੍ਰਤੀਤ ਹੋ ਰਿਹਾ ਹੈ ਕਿ ਰਾਜਸਥਾਨ ਵਿਚ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਸਰਕਾਰ ‘ਤੇ ਮੰਡਰਾ ਰਹੇ ਸੰਕਟ ਦੇ ਬੱਦਲ ਖਿੰਡ ਜਾਣਗੇ। ਕਾਂਗਰਸ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਪਾਰਟੀ ਅਤੇ ਰਾਜਸਥਾਨ ਵਿਚ ਗਹਿਲੋਤ ਸਰਕਾਰ ਦੇ ਹਿੱਤ ‘ਚ ਕੰਮ ਕਰਨਗੇ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸਚਿਨ ਪਾਇਲਟ ਵਿਚਕਾਰ ਖੁੱਲ੍ਹਾ ਵਿਚਾਰ ਵਟਾਂਦਰਾ ਹੋਇਆ ਹੈ। ਬਿਆਨ ਵਿਚ ਕਿਹਾ ਗਿਆ ਕਿ ਇਸ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਇਲਟ ਧੜੇ ਵੱਲੋਂ ਉਠਾਏ ਗਏ ਮੁੱਦਿਆਂ ਦੇ ਨਿਬੇੜੇ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ। ਬਗ਼ਾਵਤ ਮਗਰੋਂ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੂੰ ਅਹੁਦੇ ਦਾ ਲਾਲਚ ਨਹੀਂ ਹੈ, ਬਸ ਮਾਣ-ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰਾਜ਼ ਵਿਧਾਇਕਾਂ ਦੀ ਗੱਲ ਸੁਣੀ ਗਈ ਹੈ ਅਤੇ ਉਨ੍ਹਾਂ ਪਾਰਟੀ ਦੇ ਹਿੱਤ ਵਿਚ ਸਾਰੀਆਂ ਗੱਲਾਂ ਆਖੀਆਂ ਹਨ। ਪਾਇਲਟ ਨੇ ਕਿਹਾ ਕਿ ਉਨ੍ਹਾਂ ‘ਤੇ ਹੋਏ ਨਿੱਜੀ ਹਮਲਿਆਂ ਦਾ ਦੁੱਖ ਜ਼ਰੂਰ ਹੈ ਪਰ ਛੇਤੀ ਪਾਰਟੀ ਵਿਚ ਸੰਕਟ ਦਾ ਹੱਲ ਜ਼ਰੂਰ ਨਿਕਲੇਗਾ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੇ ਹਨ ਅਤੇ ਉਹ ਪਾਰਟੀ ਵਿਚ ਹੀ ਰਹਿਣਗੇ।
ਉਧਰ ਬਾਗ਼ੀ ਵਿਧਾਇਕ ਭੰਵਰ ਲਾਲ ਸ਼ਰਮਾ ਨੇ ਜੈਪੁਰ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕਰਕੇ ਸਮਝੌਤੇ ਦੇ ਸੰਕੇਤ ਦਿੱਤੇ। ਉਸ ਨੇ ਦਾਅਵਾ ਕੀਤਾ ਕਿ ਰਾਜਸਥਾਨ ਵਿਚ ਕਾਂਗਰਸ ਸਰਕਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਧਾਇਕਾਂ ਨੂੰ ਵੀ ਜੈਪੁਰ ਪਰਤ ਆਉਣਾ ਚਾਹੀਦਾ ਹੈ। ਕਰੀਬ ਦੋ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਪਾਇਲਟ ਧੜੇ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾਵੇਗਾ। ਬੈਠਕ ਦੌਰਾਨ ਇਸ ਗੱਲ ‘ਤੇ ਵੀ ਚਰਚਾ ਹੋਈ ਕਿ ਜੇਕਰ ਵਿਧਾਨ ਸਭਾ ਇਜਲਾਸ ਦੌਰਾਨ ਭਰੋਸੇ ਦਾ ਵੋਟ ਹਾਸਲ ਕੀਤਾ ਜਾਂਦਾ ਹੈ ਤਾਂ ਪਾਇਲਟ ਅਤੇ ਉਨ੍ਹਾਂ ਦੇ ਵਫ਼ਾਦਾਰ ਵਿਧਾਇਕ ਗਹਿਲੋਤ ਸਰਕਾਰ ਦੇ ਪੱਖ ਵਿਚ ਨਿਤਰਣਗੇ।
ਗਹਿਲੋਤ ਸਰਕਾਰ ਛੇਤੀ ਡਿੱਗੇਗੀ : ਕਟਾਰੀਆ
ਨਵੀਂ ਦਿੱਲੀ : ਭਾਜਪਾ ਵਿਧਾਇਕ ਦਲ ਦੇ ਆਗੂ ਗੁਲਾਬ ਚੰਦ ਕਟਾਰੀਆ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਵਿਚ ਇਕਜੁੱਟਤਾ ਥੋੜ੍ਹੇ ਸਮੇਂ ਦੀ ਗੱਲ ਹੈ ਅਤੇ ਅਸ਼ੋਕ ਗਹਿਲੋਤ ਸਰਕਾਰ ਛੇਤੀ ਹੀ ਟੁੱਟ ਜਾਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਗਹਿਲੋਤ ਸਰਕਾਰ ਜੇਕਰ ਅੱਜ ਨਹੀਂ ਤਾਂ ਕੁਝ ਮਹੀਨਿਆਂ ਬਾਅਦ ਜ਼ਰੂਰ ਡਿੱਗ ਜਾਵੇਗੀ।
ਪਾਰਟੀ ਤੋਂ ਕੋਈ ਅਹੁਦਾ ਨਹੀਂ ਮੰਗਿਆ: ਪਾਇਲਟ
ਜੈਪੁਰ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖ਼ਿਲਾਫ਼ ਬਗਾਵਤ ਤੋਂ ਕਰੀਬ ਮਹੀਨਾ ਬਾਅਦ ਜੈਪੁਰ ਪਰਤੇ ਕਾਂਗਰਸ ਆਗੂ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਤੋਂ ਕੋਈ ਅਹੁਦਾ ਨਹੀਂ ਮੰਗਿਆ ਹੈ ਅਤੇ ਕਿਸੇ ਤਰ੍ਹਾਂ ਦੀ ਬਦਲਾ-ਲਊ ਸਿਆਸਤ ਨਹੀਂ ਹੋਣੀ ਚਾਹੀਦੀ। ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ ਸੀ ਅਤੇ ਉਹ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਨਾਲ ਕੁਝ ਮੁੱਦਿਆਂ ‘ਤੇ ਚਰਚਾ ਕਰਨ ਗਏ ਸਨ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਤੋਂ ਕੋਈ ਅਹੁਦਾ ਨਹੀਂ ਮੰਗਿਆ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …