ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ 13 ਪੀੜਤ ਪਰਿਵਾਰਾਂ ਨੂੰ ਅੱਜ ਬਟਾਲਾ ਵਿਖੇ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇ। ઠਇਸ ਮੌਕੇ ਘਟਨਾ ‘ਤੇ ਅਫਸੋਸ ਜਾਹਿਰ ਕਰਦਿਆਂ ਬਾਜਵਾ ਨੇ ਕਿਹਾ ਕਿ ਭਾਵੇਂ ਜਾਣ ਵਾਲਿਆਂ ਦਾ ਘਾਟਾ ਤਾਂ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ ਦੀ ਇਹ ਮਾਲੀ ਸਹਾਇਤਾ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਕੁੱਝ ਰਾਹਤ ਜ਼ਰੂਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਘਟਨਾ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘਟਨਾ ਦੇ ਤੁਰੰਤ ਬਾਅਦ ਕਾਰਵਾਈ ਕਰਕੇ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

