ਧਿਆਨ ਸਿੰਘ ਮੰਡ ਨੇ ਗੁਰਮਤਾ ਕੀਤਾ ਜਾਰੀ
ਅੰਮ੍ਰਿਤਸਰ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਦਰਬਾਰ ਸਾਹਿਬ ਸਮੂਹ ਵਿਚੋਂ ਗੁਰਮਤਾ ਜਾਰੀ ਕਰਦਿਆਂ ਵਿਵਾਦਤ ਬਿਆਨਾਂ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਕੌਮ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਮੋਦੀ ਨੇ ਮੁਆਫੀ ਨਾ ਮੰਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਹੈ। ਦੱਸਣਯੋਗ ਹੈ ਕਿ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਣ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਗੋਬਿੰਦ ਰਾਮਾਇਣ ਲਿਖੀ ਸੀ। ਇਸੇ ਸਮਾਗਮ ਸਮੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਲਵ-ਕੁਸ਼ ਦੇ ਵੰਸ਼ਜ ਕਰਾਰ ਦਿੱਤਾ ਸੀ। ਇਨ੍ਹਾਂ ਵਿਵਾਦਤ ਬਿਆਨਾਂ ਦੇ ਮਾਮਲੇ ਵਿਚ ਫਿਲਹਾਲ ਪ੍ਰਮੁੱਖ ਸਿੱਖ ਸੰਸਥਾਵਾਂ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਆਦਿ ਨੇ ਚੁੱਪ ਵੱਟੀ ਹੋਈ ਹੈ। ઠਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਧਿਆਨ ਸਿੰਘ ਮੰਡ ਨੇ ਆਪਣੇ ਚਾਰ ਹੋਰ ਸਾਥੀਆਂ ਭਾਈ ਹਰਬੰਸ ਸਿੰਘ ਜੈਨਪੁਰ, ਭਾਈ ਰਾਜਾ ਰਾਜ ਸਿੰਘ, ਭਾਈ ਹਿੰਮਤ ਸਿੰਘ ਤੇ ਭਾਈ ਨਛੱਤਰ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਵਜੋਂ ਇਕ ਗੁਰਮਤਾ ਪਾਸ ਕੀਤਾ। ਇਸ ਗੁਰਮਤੇ ਰਾਹੀਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਸ਼ਜ਼ ਦੱਸੇ ਜਾਣ ‘ਤੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਆਦੇਸ਼ ਦਿੱਤਾ ਕਿ ਉਹ 20 ਅਗਸਤ ਤੱਕ ਅਕਾਲ ਤਖ਼ਤ ਸਾਹਿਬ ‘ਚ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੇ ਨੀਂਹ ਪੱਥਰ ਸਮਾਗਮ ਸਮੇਂ ਉਨ੍ਹਾਂ ਨੇ ਸਿੱਖ ਗੁਰੂਆਂ ਨੂੰ ਲਵ-ਕੁਸ਼ ਦੇ ਵੰਸ਼ਜ ਦਸ ਕੇ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦਾ ਨਿਰਾਦਰ ਕੀਤਾ ਹੈ। ઠਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੋਬਿੰਦ ਰਾਮਾਇਣ ਬਾਰੇ ਦਿੱਤੇ ਬਿਆਨ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮਾਫੀ ਮੰਗਣ। ਜੇਕਰ ਅਜਿਹਾ ਨਾ ਕੀਤਾ ਤਾਂ ਉਹ ਮੁੜ ਗੁਰਮਤਾ ਜਾਰੀ ਕਰਕੇ ਸਿੱਖ ਸੰਗਤ ਨੂੰ ਅਪੀਲ ਕਰਨਗੇ ਕਿ ਭਾਰਤੀ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਨਰਿੰਦਰ ਮੋਦੀ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰਵਾਇਆ ਜਾਵੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …