Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ

ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ

ਬਾਜਵਾ ਨੇ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਖਿਲਾਫ ਚੁੱਕਿਆ ਹੈ ਝੰਡਾ
ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ‘ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ। ਬਾਜਵਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਕਾਂਗਰਸ ਦਾ ਅੰਦਰੂਨੀ ਸੰਕਟ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਦੋ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ‘ਸ਼ਰਾਬ ਤਰਾਸਦੀ’ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਸੀ। ਰਾਜ ਸਭਾ ਮੈਂਬਰਾਂ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਾਜਵਾ ਦੀ ਸੁਰੱਖਿਆ ਅਚਨਚੇਤ ਵਾਪਸ ਲੈਣ ਨੂੰ ਉਕਤ ਗਤੀਵਿਧੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕੈਪਟਨ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਪੁਲਿਸ ਵਲੋਂ ਬਾਜਵਾ ਨੂੰ ਦਿੱਤੀ ਸੁਰੱਖਿਆ ਦਾ ਕੋਈ ਮਕਸਦ ਨਹੀਂ ਰਿਹਾ ਗਿਆ ਸੀ ਕਿਉਂਕਿ ਉਨ੍ਹਾਂ (ਬਾਜਵਾ) ਨੇ ਸਿੱਧੇ ਤੌਰ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੇਂਦਰੀ ਸੁਰੱਖਿਆ ਹਾਸਲ ਕਰ ਲਈ ਸੀ।
ਅਜਿਹੀ ਸਥਿਤੀ ਵਿੱਚ ਦੋਹਰੀ ਸੁਰੱਖਿਆ ਵਿਵਸਥਾ ਨੂੰ ਕਾਰਗਰ ਨਹੀਂ ਮੰਨਿਆ ਜਾ ਸਕਦਾ, ਵਿਸ਼ੇਸ਼ ਕਰਕੇ ਉਦੋਂ, ਜਦੋਂ ਰਾਜ ਸਭਾ ਮੈਂਬਰ ਨੇ ਸੂਬੇ ਦੀ ਪੁਲਿਸ ‘ਤੇ ਭਰੋਸਾ ਨਾ ਪ੍ਰਗਟਾਉਂਦਿਆਂ ਕੇਂਦਰੀ ਸੁਰੱਖਿਆ ਪ੍ਰਾਪਤ ਕਰਨਾ ਮੁਨਾਸਿਬ ਸਮਝਿਆ ਹੋਵੇ। ਬੁਲਾਰੇ ਮੁਤਾਬਕ ਬਾਜਵਾ ਵਲੋਂ ਕੀਤੇ ਦਾਅਵੇ ਦੇ ਉਲਟ ਰਾਜ ਸਭਾ ਮੈਂਬਰ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ ‘ਤੇ ਨਹੀਂ ਮਿਲੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਦੀ ਲੋੜ ਨਹੀਂ ਸਮਝੀ, ਜੋ ਕਿ ਆਮ ਤੌਰ ‘ਤੇ ਕਿਸੇ ਵੀ ਵਿਅਕਤੀ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਕੀਤੀ ਜਾਣ ਵਾਲੀ ਪ੍ਰਕਿਰਿਆ ਹੁੰਦੀ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਅਸਲ ਵਿੱਚ ਬਾਜਵਾ ਪੰਜਾਬ ਪੁਲਿਸ ਵੱਲੋਂ ਵਾਧੂ ਸੁਰੱਖਿਆ ਪ੍ਰਾਪਤ ਕਰ ਰਹੇ ਸਨ, ਜੋ ਰਾਜ ਸਭਾ ਮੈਂਬਰ ਨੂੰ ਦਿੱਤੀ ਜਾਂਦੀ ਸੁਰੱਖਿਆ ਤੋਂ ਵੱਧ ਸੀ। ਇਸ ਦਾ ਕਾਰਨ ਇਹ ਸੀ ਕਿ ਸੂਬਾ ਸਰਕਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਰਹੇ ਹੋਣ ਕਰਕੇ ਉਨ੍ਹਾਂ ਤੋਂ ਇਹ ਵੱਡੀ ਸੁਰੱਖਿਆ ਵਾਪਸ ਨਹੀਂ ਲਈ ਸੀ। ਗ੍ਰਹਿ ਮੰਤਰਾਲੇ ਵਲੋਂ 19 ਮਾਰਚ ਨੂੰ ਬਾਜਵਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਅਤੇ ਅੱਜ ਤੱਕ ਉਨ੍ਹਾਂ ਕੋਲ ਨਿੱਜੀ ਸੁਰੱਖਿਆ, ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀ.ਆਈ.ਐੱਸ.ਐੱਫ. ਦੇ 25 ਜਵਾਨਾਂ ਸਮੇਤ ਦੋ ਐਸਕਾਰਟ ਡਰਾਈਵਰ ਮੌਜੂਦ ਹਨ। 23 ਮਾਰਚ ਤੱਕ ਉਨ੍ਹਾਂ ਕੋਲ 14 ਪੰਜਾਬ ਪੁਲਿਸ ਦੇ ਕਰਮਚਾਰੀ ਵੀ ਤਾਇਨਾਤ ਸਨ ਪਰ ਉਨ੍ਹਾਂ ਵਿੱਚੋਂ ਕੁਝ ਨੂੰ ਕੋਵਿਡ ਡਿਊਟੀ ਦੇ ਮੱਦੇਨਜ਼ਰ ਵਾਪਸ ਬੁਲਾ ਲਿਆ ਗਿਆ। ਬੁਲਾਰੇ ਨੇ ਕਿਹਾ ਕਿ ਇਸ ਸਮੇਂ ਬਾਜਵਾ ਕੋਲ ਪੰਜਾਬ ਪੁਲਿਸ ਦੇ ਛੇ ਕਰਮਚਾਰੀ ਹਨ ਅਤੇ ਡਰਾਈਵਰ ਸਮੇਤ ਇਕ ਐਸਕਾਰਟ ਹੈ, ਜਿਸ ਨੂੰ ਹੁਣ ਵਾਪਸ ਲਿਆ ਜਾ ਰਿਹਾ ਹੈ।
ਕੈਪਟਨ ਤੇ ਜਾਖੜ ਨੂੰ ਤੁਰੰਤ ਪਾਰਟੀ ‘ਚੋਂ ਕੱਢਿਆ ਜਾਵੇ : ਬਾਜਵਾ
ਚੰਡੀਗੜ੍ਹ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਤੁਰੰਤ ਪਾਰਟੀ ਵਿਚੋਂ ਕੱਢੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਦੋਵਾਂ ਆਗੂਆਂ ਨੂੰ ਪਾਰਟੀ ਵਿਚੋਂ ਨਾ ਕੱਢਿਆ ਗਿਆ, ਤਾਂ ਪੰਜਾਬ ਵਿੱਚੋਂ ਕਾਂਗਰਸ ਦਾ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਜਾਖੜ ਨੂੰ ਕੈਪਟਨ ਦਾ ਤੋਤਾ ਦੱਸਿਆ, ਜੋ ਉਨ੍ਹਾਂ ਦੀ ਬੋਲੀ ਬੋਲਦਾ ਹੈ।
ਕੈਪਟਨ ਅਮਰਿੰਦਰ ਨੇ ਬਾਜਵਾ ਦੇ ਬਦਲਾਖੋਰੀ ਦੇ ਦੋਸ਼ ਨਕਾਰੇ
ਚੰਡੀਗੜ੍ਹ : ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਪ੍ਰਤਾਪ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਵਿਚ ਉਨ੍ਹਾਂ ਦੁਆਰਾ ਲਾਏ ਬਦਲਾਖੋਰੀ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਮਹੀਨੇ ਵਿਚ ਕੇਂਦਰ ਵਲੋਂ ਰਾਜ ਸਭਾ ਮੈਂਬਰ ਨੂੰ ਮੁਹੱਈਆ ਕਰਵਾਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਗਰੋਂ ਸਾਲ 2013 ਦੀ ਸੂਬੇ ਦੀ ਸੁਰੱਖਿਆ ਨੀਤੀ ਦੇ ਅਨੁਸਾਰ ਉਸ ਨੂੰ ਦਰਪੇਸ਼ ਖ਼ਤਰੇ ਦੀ ਸਮੇਂ-ਸਮੇਂ ਕੀਤੀ ਜਾਣ ਵਾਲੀ ਸਮੀਖਿਆ ‘ਤੇ ਆਧਾਰਿਤ ਇਹ ਆਮ ਪ੍ਰਕਿਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਉਨ੍ਹਾਂ ਦੀ ਸਰਕਾਰ ਕਿਸੇ ਵੀ ਵਿਅਕਤੀ ਨੂੰ ਸਹੀ ਮਾਅਨਿਆਂ ‘ਚ ਜ਼ਰੂਰਤ ਹੋਣ ‘ਤੇ ਸੁਰੱਖਿਆ ਦੇਣ ਤੋਂ ਇਨਕਾਰ ਨਹੀਂ ਕਰੇਗੀ ਪਰ ਬੇਵਜ੍ਹਾ ਪੁਲਿਸ ਮੁਲਾਜ਼ਮਾਂ ਨੂੰ ਵਿਹਲਾ ਨਹੀਂ ਕਰ ਸਕਦੀ ਖ਼ਾਸ ਕਰਕੇ ਉਸ ਵੇਲੇ ਜਦੋਂ ਕੋਵਿਡ ਦੀ ਮਹਾਂਮਾਰੀ ਦਰਮਿਆਨ ਪੁਲਿਸ ਫੋਰਸ ਬਹੁਤ ਨਿਯੰਤਰਨ ਤੇ ਦਬਾਅ ਵਿਚੋਂ ਗੁਜ਼ਰ ਰਹੀ ਹੈ। ਕੈਪਟਨ ਕਿਹਾ ਕਿ ਉਨ੍ਹਾਂ ਦੀ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕੀਤੇ ਜਾਂਦੇ ਖ਼ਤਰੇ ਦੇ ਮੁਤਾਬਿਕ ਬਾਦਲਾਂ ਨੂੰ ਸੁਰੱਖਿਆ ਖ਼ਤਰੇ ਦੇ ਸੰਕੇਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਦਾਨ ਕਰ ਰਹੀ ਹੈ।
ਬਾਜਵਾ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹਾਈਕਮਾਂਡ ਕੋਲ ਜਾਣ : ਕੈਪਟਨ ਅਮਰਿੰਦਰ
ਪ੍ਰਤਾਪ ਬਾਜਵਾ ਨੇ ਡੀਜੀਪੀ ਨੂੰ ਲਿਖਿਆ ਪੱਤਰ-ਮੁੱਖ ਮੰਤਰੀ ਹੋਏ ਖਫਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚ ਸੁਰੱਖਿਆ ਦੇ ਮਾਮਲੇ ‘ਤੇ ਜੰਗ ਭਖ ਗਈ ਹੈ। ਸੰਸਦ ਮੈਂਬਰ ਬਾਜਵਾ ਵੱਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੇ ਪੱਤਰ ਤੋਂ ਮੁੱਖ ਮੰਤਰੀ ਖ਼ਫਾ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਜਵਾ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਕਾਂਗਰਸ ਹਾਈਕਮਾਨ ਕੋਲ ਜਾਣ ਜਾਂ ਫਿਰ ਉਨ੍ਹਾਂ (ਅਮਰਿੰਦਰ) ਨੂੰ ਲਿਖਣ। ਸੰਸਦ ਮੈਂਬਰ ਬਾਜਵਾ ਨੇ ਪੱਤਰ ਲਿਖ ਕੇ ਡੀਜੀਪੀ ਦਿਨਕਰ ਗੁਪਤਾ ‘ਤੇ ਉਂਗਲ ਚੁੱਕੀ ਹੈ ਅਤੇ ਸੁਰੱਖਿਆ ਦੇਣ ਲਈ ਖ਼ਤਰਾ ਹੋਣ ਦੀਆਂ ਰਿਪੋਰਟਾਂ ‘ਤੇ ਸਿਆਸਤ ਭਾਰੂ ਹੋਣ ਦੀ ਗੱਲ ਆਖੀ ਹੈ। ਬਾਜਵਾ ਨੇ ਇਨ੍ਹਾਂ ਰਿਪੋਰਟਾਂ ਦਾ ਸਿਆਸੀਕਰਨ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਪੁਲਿਸ ਵੱਲੋਂ ਵਾਪਸ ਲਈ ਸੁਰੱਖਿਆ ਦੀ ਬਹਾਲੀ ਲਈ ਇਹ ਪੱਤਰ ਨਹੀਂ ਲਿਖ ਰਹੇ ਬਲਕਿ ਸੁਰੱਖਿਆ ਵਾਪਸੀ ਲਈ ਬਣਾਏ ਜਾਂਦੇ ਆਧਾਰਾਂ ਦੇ ਸਿਆਸੀਕਰਨ ‘ਤੇ ਗਿਲਾ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਅੱਤਵਾਦ ਖ਼ਿਲਾਫ਼ ਲੜਾਈ ਲੜੀ ਹੈ ਅਤੇ ਇਸ ਤੋਂ ਇਲਾਵਾ ਮਾਫ਼ੀਆ ਖ਼ਿਲਾਫ਼ ਵੀ ਉਹ ਲਗਾਤਾਰ ਲੜਾਈ ਲੜ ਰਹੇ ਹਨ। ਪੰਜਾਬ ਸਰਕਾਰ ਨੇ ਜਿਸ ਆਧਾਰ ‘ਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਹੈ, ਕੀ ਉਸ ਆਧਾਰ ‘ਤੇ ਬਾਦਲ ਪਰਿਵਾਰ ਜਾਂ ਮਜੀਠੀਆ ਦੀ ਸੁਰੱਖਿਆ ਵਾਪਸ ਲਈ ਜਾਵੇਗੀ? ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ‘ਤੇ ਯੂਪੀਏ ਸਰਕਾਰ ਵੱਲੋਂ ਸਾਲ 2013 ਵਿੱਚ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2019 ਵਿੱਚ ਸੁਰੱਖਿਆ ਵਾਪਸ ਲੈ ਲਈ ਅਤੇ ਮਾਰਚ 2020 ਵਿਚ ਸੁਰੱਖਿਆ ਬਹਾਲ ਕਰ ਦਿੱਤੀ। ਬਾਜਵਾ ਨੇ ਡੀਜੀਪੀ ਦੀ ਨਿਰਪੱਖਤਾ ‘ਤੇ ਸਿੱਧੀ ਉਂਗਲ ਉਠਾਈ ਹੈ। ਦੱਸਣਯੋਗ ਹੈ ਕਿ ਸ਼ਰਾਬ ਮਾਫ਼ੀਆ ਖ਼ਿਲਾਫ਼ ਜਨਤਕ ਤੌਰ ‘ਤੇ ਆਵਾਜ਼ ਚੁੱਕਣ ਮਗਰੋਂ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਕਾਫ਼ੀ ਵਧ ਗਈ ਹੈ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਬਾਜਵਾ ਦੀ ਸੁਰੱਖਿਆ ਵੀ ਵਾਪਸ ਲੈ ਲਈ ਸੀ। ਮੁੱਖ ਮੰਤਰੀ ਨੇ ਡੀਜੀਪੀ ਦੀ ਨਿਰਪੱਖਤਾ ‘ਤੇ ਮੋਹਰ ਲਾਉਂਦੇ ਹੋਏ ਬਾਜਵਾ ਨੂੰ ਤਾੜਿਆ। ਉਨ੍ਹਾਂ ਕਿਹਾ ਕਿ ਡੀਜੀਪੀ ਨੂੰ ਪੱਤਰ ਲਿਖਣਾ ਬਾਜਵਾ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ। ઠਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ ‘ਤੇ ਖ਼ੁਦ ਸੁਰੱਖਿਆ ਵਾਪਸੀ ਦਾ ਫ਼ੈਸਲਾ ਲਿਆ ਹੈ, ਜੇਕਰ ਕੋਈ ਗਿਲਾ ਹੈ ਤਾਂ ਬਾਜਵਾ ਡੀਜੀਪੀ ਦੀ ਥਾਂ ਉਨ੍ਹਾਂ ਨੂੰ ਪੱਤਰ ਲਿਖਣ। ਉਨ੍ਹਾਂ ਕਿਹਾ ਕਿ ਜੇਕਰ ਬਾਜਵਾ ਨੂੰ ਉਨ੍ਹਾਂ ਤੇ ਜਾਂ ਸਰਕਾਰ ਵਿੱਚ ਕੋਈ ਭਰੋਸਾ ਨਹੀਂ ਤਾਂ ਉਹ ਹਾਈਕਮਾਨ ਕੋਲ ਕਿਉਂ ਨਹੀਂ ਜਾਂਦੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …