
‘ਆਪ’ ਨੇ ਕਿਹਾ – ਕਰੋਨਾ ਪੀੜਤ ਮੰਤਰੀ ਅਤੇ ਅਫਸਰ ਵੀ ਸਰਕਾਰੀ ਹਸਪਤਾਲਾਂ ‘ਚੋਂ ਕਰਵਾਉਣ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਟੱਪ ਗਈ ਹੈ ਅਤੇ 22 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਜ਼ਿਆਦਾ ਹੈ ਅਤੇ 885 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸਦੇ ਚੱਲਦਿਆਂ ‘ਆਪ’ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸਲਾਹ ਦਿੱਤੀ ਕਿ ਜਿਹੜੇ ਵੀ ਪੰਜਾਬ ਦੇ ਮੰਤਰੀ, ਵਿਧਾਇਕ ਜਾਂ ਅਫਸਰ ਕਰੋਨਾ ਤੋਂ ਪ੍ਰਭਾਵਿਤ ਹਨ, ਉਹ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਜਾਂ ਕਰੋਨਾ ਕੇਅਰ ਸੈਂਟਰਾਂ ਵਿਚੋਂ ਕਰਵਾਉਣ। ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਿਹਤ ਸੇਵਾਵਾਂ ਵਿਚ ਆਮ ਲੋਕਾਂ ਦਾ ਵੀ ਯਕੀਨ ਵਧੇਗਾ ਅਤੇ ਮੰਤਰੀਆਂ ਅਤੇ ਅਫਸਰਾਂ ਨੂੰ ਵੀ ਸਰਕਾਰੀ ਸਿਸਟਮ ਦਾ ਪਤਾ ਲੱਗ ਜਾਵੇਗਾ। ਧਿਆਨ ਰਹੇ ਕਿ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਮਨਪ੍ਰੀਤ ਇਆਲੀ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੋਜ਼ੀ ਬਰਬੰਦੀ ਵੀ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ।